8.55 ਕਰੋੜ ਦੀ ਲਾਗਤ ਨਾਲ ਬਣੇਗੀ ਰੁੜਕੀ-ਚਨਾਰਥਲ ਕਲਾਂ ਵਾਇਆ ਟੋਹੜਾ-ਤਰਖੇੜੀ ਲਿੰਕ ਸੜਕ- ਐਮਐਲਏ ਨਾਗਰਾ

Last Updated: Dec 06 2018 18:18

ਸੂਬੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਰੁੜਕੀ ਤੋਂ ਚਨਾਰਥਲ ਕਲਾਂ ਵਾਇਆ ਟੌਹੜਾ ਹੁੰਦੇ ਹੋਏ ਪਿੰਡ ਤਰਖੇੜੀ ਤੱਕ ਜਾਣ ਵਾਲੀ 12.45 ਕਿੱਲੋਮੀਟਰ ਲੰਮੀ ਸੜਕ ਨੂੰ 8 ਕਰੋੜ 55 ਲੱਖ ਦੀ ਲਾਗਤ ਨਾਲ 18 ਫੁੱਟ ਚੌੜਾ ਤੇ ਮਜ਼ਬੂਤ ਕਰਨ ਸਬੰਧੀ ਇਨ੍ਹਾਂ ਸੜਕਾਂ ਦੀ ਸਪੈਸ਼ਲ ਰਿਪੇਅਰ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਪਰੋਕਤ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਹ ਸੜਕ ਭਾਦਸੋਂ, ਨਾਭਾ, ਅਮਲੋਹ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਹੋਰ ਪ੍ਰਮੁੱਖ ਸ਼ਹਿਰਾਂ ਨੂੰ ਆਪਸ 'ਚ ਜੋੜਦੀ ਹੈ ਜਿਸਦੀ ਪਿਛਲੇ ਕਈ ਸਾਲਾਂ ਤੋਂ ਸਾਰ ਨਹੀਂ ਲਈ ਗਈ ਸੀ। ਕੈਪਟਨ ਸਰਕਾਰ ਨੇ ਸੜਕ ਦੀ ਸਪੈਸ਼ਲ ਮਨਜ਼ੂਰੀ ਨੂੰ ਪ੍ਰਵਾਨਗੀ ਦੇ ਕੇ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ।

ਐਮਐਲਏ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਇਹ ਸੜਕ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਤੇ ਸਬ ਤਹਿਸੀਲ ਚਨਾਰਥਲ ਅਤੇ ਸਿੱਖ ਕੌਮ ਦੇ ਮਹਾਨ ਆਗੂ ਪੰਥ ਰਤਨ ਸਵਰਗੀ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੱਦੀ ਪਿੰਡ ਟੌਹੜਾ ਵਿਖੇ ਜਾਂਦੀ ਹੈ। ਪਰ ਇਸ ਸੜਕ ਦੇ ਵਿਕਾਸ ਨੂੰ ਪਿਛਲੇ 10 ਸਾਲ ਸ਼ਾਸਨ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਅਹਿਮੀਅਤ ਨਹੀਂ ਦਿੱਤੀ ਗਈ।

ਕਾਂਗਰਸ ਪਾਰਟੀ ਵੱਲੋਂ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਪੰਥ ਰਤਨ ਸਵਰਗੀ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ 'ਤੇ ਸਰਕਾਰ ਵੱਲੋਂ ਇਹ ਸੜਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਸੜਕ ਦੇ ਮੁਕੰਮਲ ਹੋਣ ਨਾਲ ਪੂਰਾ ਹੋ ਜਾਵੇਗਾ। ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲ ਇਸਦਾ ਫਾਇਦਾ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਪਹੁੰਚੇਗਾ।

ਵਿਧਾਇਕ ਨਾਗਰਾ ਨੇ ਕਿਹਾ ਕਿ ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਵਾਲੀ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਹਰੇਕ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ। ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਲਿੰਕ ਕਰਦੀਆਂ ਸਾਰੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਕਿ ਜਲਦੀ ਹੀ ਪੂਰਾ ਹੋ ਜਾਵੇਗਾ।