Loading the player...

ਚੇਅਰਮੈਨ ਚੀਮਾ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਹੋਏ ਨਤਮਸਤਕ

Last Updated: Dec 06 2018 18:06

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੱਚਲ ਸਾਹਿਬ ਦੇ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਪਵਿੱਤਰ ਅਸਥਾਨ ਨੂੰ ਵਿਕਸਤ ਕਰਨ ਲਈ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤਹਿਤ ਇਸ ਪਾਵਨ ਅਸਥਾਨ ਉੱਪਰ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਲਈ ਸਹੂਲਤਾਂ ਦੇ ਪ੍ਰਬੰਧ ਕਰਨ ਦੇ ਨਾਲ ਇਸਦਾ ਸੁੰਦਰੀਕਰਨ ਕੀਤਾ ਜਾਵੇਗਾ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕੀਤੀ ਅਤੇ ਸ੍ਰੀ ਅੱਚਲ ਸਾਹਿਬ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਚੀਮਾ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਵਿਖੇ ਗੁਰੂ ਸਾਹਿਬ ਨੇ ਸਿੱਧ ਗੋਸ਼ਿਟ ਕੀਤੀ ਸੀ ਅਤੇ ਪੂਰੀ ਲੋਕਾਈ ਨੂੰ ਉਨ੍ਹਾਂ ਨੇ ਸੱਚ ਦਾ ਰਸਤਾ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਵਿਕਾਸ ਵਿੱਚ ਰਾਜ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ. ਚੀਮਾ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੀਆਂ ਵਿਕਾਸ ਪ੍ਰੋਜੈਕਟਾਂ ਸਬੰਧੀ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੋਲ ਪਹੁੰਚਾ ਕੇ ਹੱਲ ਕਰਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ 550 ਸਾਲਾਂ ਸਬੰਧੀ ਆ ਰਹੀ ਗ੍ਰਾਂਟ ਸ੍ਰੀ ਅੱਚਲ ਸਾਹਿਬ ਵਿਖੇ ਹੀ ਖਰਚ ਕੀਤੀ ਜਾਵੇਗੀ ਅਤੇ ਇਸ ਪਾਵਨ ਨਗਰ ਨੂੰ ਖ਼ੂਬਸੂਰਤ ਦਿੱਖ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਸਰਦਾਰ ਅਮਰਦੀਪ ਸਿੰਘ ਚੀਮਾ ਅਤੇ ਸਰਦਾਰ ਐਮ.ਐਮ. ਸਿੰਘ ਚੀਮਾ ਪਰਮਾਨੈਂਟ ਇਨਵਾਇਟੀ ਮੈਂਬਰ ਪੰਜਾਬ ਕਾਂਗਰਸ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੀ ਬਖਸਿਸ਼ ਕਰਕੇ ਸਨਮਾਨ ਦਿੱਤਾ ਗਿਆ।