ਨੌਜਵਾਨ ਪੀੜੀ ਨੂੰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਤੇ ਚੱਲਣ ਦੀ ਲੋੜ: ਡਾ. ਦਲਵਿੰਦਰ ਸਿੰਘ ਗਰੇਵਾਲ

Last Updated: Dec 06 2018 18:36

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਰਾਸ਼ਟਰੀ ਯੁਵਾ ਯੋਜਨਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸੱਤ ਰੋਜ਼ਾ ਅੰਤਰ ਰਾਸ਼ਟਰੀ 'ਸਦਭਾਵਨਾ ਅਤੇ ਭਰਾਤਰੀਅਤਾ' ਕੈਂਪ ਦੇ ਚੌਥੇ ਦਿਨ ਉੱਘੇ ਵਿਦਵਾਨ ਰਿਸਰਚ ਸਕੋਲਰ ਅਤੇ ਡੀਨ ਦੇਸ਼ ਭਗਤ ਯੂਨੀਵਰਸਿਟੀ ਡਾ. ਦਲਵਿੰਦਰ ਸਿੰਘ ਗਰੇਵਾਲ ਵਿੱਦਿਅਕ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਾ. ਗਰੇਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਦਾਸੀਆਂ ਸਬੰਧੀ ਖੋਜ-ਭਰਪੂਰ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਉਦਾਸੀਆਂ ਦੌਰਾਨ ਭਾਰਤ ਤੋਂ ਇਲਾਵਾ ਹੋਰ ਵੀ ਕਈ ਦੇਸ਼ਾਂ ਦੀ ਯਾਤਰਾ ਕੀਤੀ, ਜਿਸ ਵਿੱਚ ਉਨ੍ਹਾਂ ਲੋਕਾਂ ਨੂੰ ਪ੍ਰੇਮ-ਭਾਵ ਅਤੇ ਮਿਲ-ਜੁਲ ਕੇ ਰਹਿਣ ਦੇ ਨਾਲ-ਨਾਲ ਇਮਾਨਦਾਰੀ ਨਾਲ ਕੰਮ ਕਰਨ ਅਤੇ ਵਹਿਮ-ਭਰਮ ਤੋਂ ਦੂਰ ਰਹਿਣ ਦੀ ਸਿੱਖਿਆ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਵੱਖ-ਵੱਖ ਨਾਮਾਂ ਨਾਲ ਜਾਣਿਆ ਜਾਂਦਾ ਹੈ। 

ਡਾ. ਗਰੇਵਾਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵੱਖ-ਵੱਖ ਦੇਸ਼ਾਂ ਵਿੱਚ ਨਿਸ਼ਾਨ ਅਤੇ ਨਿਸ਼ਾਨੀਆਂ ਸਬੰਧੀ ਨਕਸ਼ਿਆਂ ਸਮੇਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਡਾ. ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਲਗਭਗ 40 ਸਾਲਾਂ ਤੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਤੇ ਰਿਸਰਚ ਕੀਤੀ। ਇਸ ਤੋਂ ਪਹਿਲਾ ਵਲੰਟੀਅਰਾਂ ਵੱਲੋਂ ਗੁਰਦੁਆਰਾ ਬੇਰ ਸਾਹਿਬ ਅਤੇ ਉਸਦੇ ਆਲੇ-ਦੁਆਲੇ ਇਲਾਕੇ ਦੀ ਸਫ਼ਾਈ ਵੀ ਕੀਤੀ। ਇਸ ਸੱਤ ਰੋਜ਼ਾ ਕੈਂਪ ਵਿੱਚ ਲਗਾਏ ਜਾ ਰਹੇ ਤਿੰਨ ਰੋਜ਼ਾ ਖ਼ੂਨਦਾਨ ਕੈਂਪ ਦੇ ਦੂਸਰੇ ਦਿਨ ਵੀ ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ।

ਕੈਂਪ ਦੇ ਚੌਥੇ ਦਿਨ ਸ਼ਾਮਿਲ ਹੋਏ ਮੁੱਖ ਮਹਿਮਾਨ ਡਾ. ਦਲਵਿੰਦਰ ਸਿੰਘ ਗਰੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਦੇਸ਼ਾਂ ਅਤੇ ਸੂਬਿਆਂ ਤੋਂ ਆਏ ਵਲੰਟੀਅਰਾਂ ਵੱਲੋਂ ਆਪਣੇ ਸੱਭਿਆਚਾਰ ਨੂੰ ਪੇਸ਼ ਕਰਦੀਆਂ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਐਸ.ਐਨ.ਸੁਬਾਰਾਓ, ਡਾ. ਗੁਰਦੇਵ ਸਿੰਘ ਸਿੱਧੂ, ਡਾ. ਰਣ ਸਿੰਘ ਪਰਮਾਰ (ਟਰੱਸਟੀ), ਮੈਨੇਜਰ ਜਰਨੈਲ ਸਿੰਘ, ਅਮਰੀਕ ਸਿੰਘ ਕਲੇਰ ਪ੍ਰਧਾਨ ਐਨ.ਵਾਈ.ਸੀ ਪੰਜਾਬ, ਕੁਨਾਲ ਮਹਿਤਾ ਅਤੇ ਐਸ.ਜੀ.ਪੀ.ਸੀ ਦੇ ਵੱਖ-ਵੱਖ ਕਾਲਜਾਂ ਤੋਂ ਪ੍ਰੋਫੈਸਰ ਸਾਹਿਬਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।