ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ

Last Updated: Dec 07 2018 13:30

ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਜਾਗਰੂਕ ਕਰਨ ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਕਿਸਾਨਾਂ ਵੱਲੋਂ ਵੀ ਇਸ ਦਾ ਪੂਰਨ ਸਮਰਥਣ ਕੀਤਾ ਗਿਆ।

ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਪੱਧਰ ਤੇ 2, ਬਲਾਕ ਪੱਧਰ ਤੇ 8 ਅਤੇ ਪਿੰਡ ਪੱਧਰ ਤੇ 80 ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਖੇ ਇਸ ਸਾਲ ਜ਼ਿਆਦਾਤਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਅਤੇ ਜਿਸ ਦੇ ਨਤੀਜੇ ਵਧੀਆ ਸਾਹਮਣੇ ਆ ਰਹੇ ਹਨ। ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਰਵਿਸ ਤਹਿਤ ਬੀਜਾਂ ਦੇ 85 ਸੈਂਪਲ, ਐਕਟ ਅਧੀਨ ਬੀਜਾਂ ਦੇ 21 ਸੈਂਪਲ ਅਤੇ ਖਾਦਾਂ ਦੇ 27 ਸੈਂਪਲ ਲਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸੁਚੱਜੀ ਵਰਤੋਂ ਲਈ ਪਿੰਡ ਪੱਧਰੀ, ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਪਿੰਡ ਰਾਣੀਪੁਰ ਵਿਖੇ ਪਸ਼ੂ ਹਸਪਤਾਲ ਦੀ ਖੰਡਰ ਪਈ ਖਾਲੀ ਇਮਾਰਤ ਨੂੰ ਤੋੜਨ ਦੀ ਮੰਗ ਕੀਤੀ ਗਈ ਤਾਂ ਜੋ ਕਿਸੇ ਹੋਣ ਵਾਲੀ ਅਣਹੋਣੀ ਦੁਰਘਟਨਾ ਤੋਂ ਬਚਿਆ ਜਾ ਸਕੇ। ਕਿਸਾਨਾਂ ਵੱਲੋਂ ਮੰਗ ਰੱਖੀ ਗਈ ਕਿ ਸਰਕਾਰ ਤੱਕ ਕਿਸਾਨਾਂ ਦੀ ਮੰਗ ਪਹੁੰਚਾਈ ਜਾਵੇ, ਮੱਕੀ ਦੀ ਕੀਮਤ ਨਿਰਧਾਰਤ ਕੀਤੀ ਜਾਵੇ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਮੱਕੀ ਦੀ ਖਰੀਦ ਕਰਨ ਲਈ ਏਜੰਸੀਆਂ ਨੂੰ ਲਗਾਇਆ ਜਾਵੇ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਮਗਨਰੇਗਾ ਨੂੰ ਹਾਰਟੀਕਲਚਰ ਨਾਲ ਜੋੜਿਆ ਜਾਣਾ ਚਾਹੀਦਾ ਹੈ ਤਾਂ ਜੋ ਬਾਗਬਾਨਾਂ ਨੂੰ ਲੇਬਰ ਆਸਾਨੀ ਨਾਲ ਮਿਲ ਸਕੇ ਅਤੇ ਬੇਰੋਜ਼ਗਾਰ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ। ਉਪਰੋਕਤ ਮੰਗਾਂ ਬਾਰੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਤੇ ਜਲਦੀ ਵਿਚਾਰ ਕੀਤਾ ਜਾਵੇਗਾ ਅਤੇ ਜੋ ਮੰਗਾਂ ਸਰਕਾਰ ਨੂੰ ਭੇਜਣ ਵਾਲੀਆਂ ਹੋਣਗੀਆਂ ਉਹ ਵੀ ਭੇਜੀਆਂ ਜਾਣਗੀਆਂ ਤਾਂ ਜੋ ਕਿਸਾਨਾਂ ਨੂੰ ਲਾਭ ਪਹੁੰਚ ਸਕੇ।