ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਹੋਣ ਨਾਲ ਹਲਕੇ ਦਾ ਹੋਵੇਗਾ ਸਰਬਪੱਖੀ ਵਿਕਾਸ- ਕੈਬਨਿਟ ਮੰਤਰੀ ਰੰਧਾਵਾ

Last Updated: Dec 07 2018 13:42

ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕੀਤੇ ਜਾਣ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਹਲਕੇ ਦੇ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਮਿਲੇਗਾ।

ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਡੇਰਾ ਬਾਬਾ ਨਾਨਕ ਵਿਖੇ 23 ਨਵੰਬਰ ਨੂੰ ਕਰਤਾਰਪੁਰ ਕਾਰੀਡੋਰ ਮੌਕੇ ਕਰਵਾਏ ਸਮਾਗਮ ਦੌਰਾਨ ਇਸ ਇਲਾਕੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਆਉਣ ਦੇ ਮੱਦੇਨਜ਼ਰ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਤੇ ਸੁਵਿਧਾਵਾਂ ਦੇ ਵਾਸਤੇ ਪਹਿਲਾਂ ਹੀ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਨਾਲ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਅਤੇ ਇਸ ਦੇ ਨਾਲ ਅਸਲ ਕਬਜ਼ੇ ਵਾਲੀ ਰੇਖਾ ਦੇ ਨੇੜੇ ਇਤਿਹਾਸਕ ਕਰਤਾਰਪੁਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਨਤਮਸਤਕ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।

ਸ. ਰੰਧਾਵਾ ਨੇ ਅੱਗੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਰਾਜ ਭਰ ਅੰਦਰ ਸਰਬਪੱਖੀ ਵਿਕਾਸ ਕਾਰਜ ਤੇਜ਼ਗਤੀ ਨਾਲ ਵਿੱਢੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਲਾਨੌਰ ਵਿਖੇ ਡਿਗਰੀ ਕਾਲਜ ਦੇ ਨਿਰਮਾਣ ਕਾਰਜ ਸ਼ੁਰੂ ਹੋ ਗਏ ਹਨ, ਜਿਸ ਨਾਲ ਇਸ ਸਰਹੱਦੀ ਖੇਤਰ ਦੇ ਆਸ-ਪਾਸ ਦੇ ਲੜਕੇ-ਲੜਕੀਆਂ ਨੂੰ ਉਚੇਰੀ ਸਿੱਖਿਆ ਮਿਲ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।