ਪਿੰਡ ਸੰਗਤਪੁਰ ਸੋਢੀਆਂ ਦੇ ਸਮਾਰਟ ਸਕੂਲ ਦਾ ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਕੀਤਾ ਉਦਘਾਟਨ

Last Updated: Jan 27 2019 13:09
Reading time: 1 min, 39 secs

ਪੰਜਾਬ ਸਰਕਾਰ ਵੱਲੋਂ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਸੂਬੇ ਵਿੱਚ 2500 ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 19 ਲੱਖ ਰੁਪਏ ਖਰਚ ਕੇ ਸਮਾਰਟ ਸਕੂਲ ਬਣਾਇਆ ਗਿਆ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਅਤੇ ਸਾਇੰਸ ਤੇ ਟੈਕਨਾਲੋਜੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਬਣਾਏ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਸਖ਼ਤ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕ ਪੂਰੀ ਲਗਨ ਅਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਤਾਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੋਂ ਅੱਗੇ ਵੱਧ ਸਕਣ ਤਾਂ ਜੋ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਨ ਨੂੰ ਤਰਜ਼ੀਹ ਦੇਣ।

ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਰਕਾਰੀ ਸਕੂਲ ਸੰਗਤਪੁਰ ਸੋਢੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲ ਬਣਾਉਣ ਲਈ 13 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ, ਪਿੰਡ ਵਾਸੀਆਂ ਤੇ ਹੋਰ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਬਿਲਡਿੰਗ ਤੇ 19 ਲੱਖ ਰੁਪਏ ਖਰਚ ਕੇ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ। ਇਸ ਦੀਆਂ ਇਮਾਰਤਾਂ ਅਤੇ ਪਾਰਕਾਂ ਦਾ ਕਾਇਆ ਕਲਪ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲ ਲਈ 2 ਲੱਖ ਰੁਪਏ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਅਤੇ ਪਿੰਡ ਦੀ ਪੰਚਾਇਤ ਵੱਲੋਂ ਵੀ ਸਕੂਲ ਨੂੰ1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਨੂੰ ਪੂਰੇ ਪੰਜਾਬ ਵਿੱਚੋਂ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ ਅਤੇ ਇਸਦੇ ਸਟੇਡੀਅਮ ਤੇ ਹੋਰਨਾਂ ਹਿੱਸਿਆ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਐਸਐਸਪੀ ਅਲਕਾ ਮੀਨਾ, ਏਡੀਸੀ ਜਸਪ੍ਰੀਤ ਸਿੰਘ, ਐਸ.ਪੀ (ਐਚ) ਰਵਿੰਦਰਪਾਲ ਸਿੰਘ ਸੰਧੂ, ਐਸ.ਪੀ (ਡੀ) ਹਰਪਾਲ ਸਿੰਘ, ਐਸਡੀਐਮ ਫਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਬਲਾਕ ਸੰਮਤੀ ਮੈਂਬਰ ਹਰਬੰਸ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪਰਮਜੀਤ ਕੌਰ ਸਿੱਧੂ ਤੇ ਮਨਜੀਤ ਕੌਰ, ਸਰਪੰਚ ਅਸ਼ੋਕ ਕੁਮਾਰ, ਪ੍ਰਿੰਸੀਪਲ ਸਰਬਜੀਤ ਸਿੰਘ ਆਦਿ ਤੋਂ ਇਲਾਵਾ ਪੰਚਾਇਤ ਮੈਂਬਰ, ਕਾਂਗਰਸੀ ਵਰਕਰ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।