ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟੇ ਨੂੰ ਵਿਕਸਿਤ ਕਰਨ ਲਈ ਕਰ ਰਹੀ ਹੈ ਵਿਸ਼ੇਸ਼ ਉਪਰਾਲੇ- ਵਿਧਾਇਕ ਪਾਹੜਾ

Last Updated: Feb 05 2019 19:13
Reading time: 1 min, 51 secs

ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤੇ ਸੈਰ ਸਪਾਟੇ ਨੂੰ ਵਿਕਸਿਤ ਕਰਨ ਲਈ ਸੂਬਾ ਸਰਕਾਰ ਨੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖ਼ਰਚ ਕਰਕੇ ਰਾਜ ਵਿੱਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਵਿੱਚੋਂ 150 ਕਰੋੜ ਰੁਪਏ ਖ਼ਰਚ ਕਰਕੇ ਹਰੀਕੇ ਵੈਟਲੈਂਡ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸੈਰ ਸਪਾਟੇ ਦੇ ਸਥਾਨ ਵਜੋਂ ਉਭਾਰਿਆ ਜਾਵੇਗਾ।

ਸ. ਪਾਹੜਾ ਨੇ ਕਿਹਾ ਕਿ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ, ਦੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਜ ਅੰਦਰ ਸੈਰ ਸਪਾਟੇ ਨੂੰ ਵਿਕਸਿਤ ਕਰਨ ਲਈ ਸਫਲ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੀਕੇ ਵੈਟਲੈਂਡ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਮਾਹਿਰਾਂ ਵੱਲੋਂ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਵਾਤਾਵਰਣ ਅਤੇ ਪੰਛੀ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਸੈਰ ਸਪਾਟਾ ਵਿਭਾਗ ਵੱਲੋਂ ਇੱਥੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਚਨਾ ਸੈਂਟਰ, ਬਰਡ ਵਾਚ ਟਾਵਰ, ਪੰਛੀਆਂ ਦੀਆਂ ਰੱਖਾਂ ਅਤੇ ਨਿਗਰਾਨੀ ਟਾਵਰ ਤੋਂ ਇਲਾਵਾ ਕੰਟੀਨ ਤੇ ਪਾਰਕਿੰਗ ਆਦਿ ਬਣਾਏ ਜਾ ਰਹੇ ਹਨ। ਹਰੀਕੇ ਵੈਟਲੈਂਡ ਵਿਖੇ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਇਸ ਸਾਲ ਇੱਥੇ ਰਿਕਾਰਡ ਲਗਭਗ 1 ਲੱਖ 25 ਹਜ਼ਾਰ ਪੰਛੀਆਂ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਹੀ ਸੈਲਾਨੀਆਂ ਲਈ ਈ ਰਿਕਸ਼ਾ, ਸਾਈਕਲ ਅਤੇ ਬੋਟਿੰਗ ਆਦਿ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਧਾਇਕ ਸ. ਪਾਹੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਿਰਾਸਤੀ, ਸੱਭਿਆਚਾਰਕ, ਮੈਡੀਕਲ, ਧਾਰਮਿਕ ਅਤੇ ਈਕੋ ਟੂਰਿਜ਼ਮ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੀਕੇ ਜਲਗਾਹ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ 6 ਮਹੀਨਿਆਂ ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 3 ਸਾਲ ਦੇ ਅੰਦਰ ਇਸ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰੀਕੇ ਵੈਟਲੈਂਡ ਵਿਖੇ ਜੰਗਲੀ ਜੜ੍ਹੀ ਬੂਟੀ ਨੂੰ ਹਟਾ ਕੇ ਵਾਟਰ ਲਿੱਲੀ ਅਤੇ ਕਮਲ ਆਦਿ ਦੇ ਬੂਟੇ ਲਗਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕੈਸ਼ੋਪੁਰ ਛੰਬ ਵਿਖੇ ਵੀ 5 ਕਰੋੜ ਰੁਪਏ ਦੀ ਲਾਗਤ ਨਾਲ ਵਿਆਖਿਆ ਕੇਂਦਰ ਖੋਲ੍ਹਿਆ ਗਿਆ ਹੈ ਤੇ ਇੱਥੇ ਹਰ ਸਾਲ ਹਜ਼ਾਰਾਂ ਪਰਵਾਸੀ ਪੰਛੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਸੈਰ ਸਪਾਟਾ ਨੂੰ ਵਿਕਸਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗੀ।