ਸੀਵਰੇਜ ਬੋਰਡ ਦੇ ਸੀ.ਈ.ਓ. ਨੇ ਚੇਅਰਮੈਨ ਚੀਮਾ ਨੂੰ ਦਿੱਤਾ ਭਰੋਸਾ, ਸਿਵਲ ਹਸਪਤਾਲ ਬਟਾਲਾ ਦੇ ਸੀਵਰੇਜ ਦਾ ਕੀਤਾ ਜਾਵੇਗਾ ਹੱਲ

Last Updated: Feb 12 2019 12:33
Reading time: 1 min, 27 secs

ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਨੇ ਭਰੋਸਾ ਦਿੱਤਾ ਹੈ ਕਿ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਸੀਵਰੇਜ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ। ਅੱਜ ਆਪਣੇ ਬਟਾਲਾ ਦੌਰੇ ਮੌਕੇ ਸ੍ਰੀ ਅਜੋਏ ਸ਼ਰਮਾ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਸੀਵਰੇਜ ਸਮੇਤ ਪੂਰੇ ਸ਼ਹਿਰ ਦੀ ਸੀਵਰੇਜ ਵਿਵਸਥਾ ਦਾ ਜਾਇਜ਼ਾ ਲਿਆ ਹੈ ਅਤੇ ਇਸ ਸਾਰੀ ਸਮੱਸਿਆ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੇ ਸੀਵਰੇਜ ਦੀ ਜੋ ਸਮੱਸਿਆ ਹੈ ਉਸਦਾ ਹੱਲ ਵੀ ਕੱਢਿਆ ਜਾਵੇਗਾ ਤਾਂ ਜੋ ਹਸਪਤਾਲ ਵਿੱਚੋਂ ਪਾਣੀ ਦੀ ਨਿਕਾਸੀ ਵਿੱਚ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਸ. ਅਮਰਦੀਪ ਸਿੰਘ ਚੀਮਾ ਨੇ ਸੀ.ਈ.ਓ. ਸ੍ਰੀ ਸ਼ਰਮਾ ਨੂੰ ਕਿਹਾ ਕਿ ਬਟਾਲਾ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਨਗਰ ਹੈ ਅਤੇ ਇਸਨੂੰ ਸੀਵਰੇਜ ਵਰਗੀ ਬੁਨਿਆਦੀ ਸਹੂਲਤ ਦੀ ਸਮੱਸਿਆ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਬਟਾਲਾ ਦੀ ਸੀਵਰੇਜ ਸਮੱਸਿਆ ਨੂੰ ਫ਼ੌਰੀ ਤੌਰ 'ਤੇ ਹੱਲ ਕਰਨ ਦੀ ਗੱਲ ਕਹੀ।

ਸ. ਚੀਮਾ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਬਟਾਲਾ ਵਾਸੀਆਂ ਦੇ ਦਰਦ ਨੂੰ ਮਹਿਸੂਸ ਕੀਤਾ ਹੈ ਅਤੇ ਬਟਾਲਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਨਗਰ ਬਟਾਲਾ ਦੀ ਨੁਹਾਰ ਬਦਲੀ ਜਾਵੇਗੀ ਅਤੇ ਸਰਕਾਰ ਵੱਲੋਂ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਲੰਮੇ ਸਮੇਂ ਤੋਂ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀਆਂ ਸਮੇਤ ਵਿਭਾਗਾਂ ਦੇ ਮੁਖੀਆਂ ਦੇ ਧਿਆਨ ਵਿੱਚ ਲਿਆਉਂਦੇ ਰਹੇ ਹਨ। ਸ. ਚੀਮਾ ਨੇ ਸੀਵਰੇਜ ਮੰਦਹਾਲੀ ਦਾ ਮੁੱਦਾ ਵੀ ਮੁੱਖ ਮੰਤਰੀ ਪੰਜਾਬ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਦੇ ਧਿਆਨ ਵਿੱਚ ਲਿਆਂਦਾ ਸੀ ਅਤੇ ਇਸ ਸਮੱਸਿਆ ਦੇ ਹੱਲ ਲਈ ਕਦਮ ਚੁੱਕਣ ਲਈ ਕਿਹਾ ਸੀ।