ਕੈਪਟਨ ਸਰਕਾਰ ਦਾ ਅਧਿਆਪਕਾਂ ਨੇ ਫੂਕਿਆ ਪੁਤਲਾ.!!!

Last Updated: Feb 12 2019 17:57
Reading time: 1 min, 4 secs

ਪਿਛਲੇ ਲੰਮੇ ਤੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਕਰਦੇ ਆ ਰਹੇ ਸਾਂਝਾ ਅਧਿਆਪਕ ਮੋਰਚਾ ਯੂਨੀਅਨ ਦੇ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੁਤਲਾ ਫੂਕ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਚੋਣਾਂ ਦੌਰਾਨ ਜੋ ਮੁਲਾਜ਼ਮਾਂ ਅਤੇ ਅਧਿਆਪਕਾਂ ਨਾਲ ਵਾਅਦਾ ਕੀਤਾ ਗਿਆ ਸੀ, ਉਹ ਵਾਅਦਾ ਹੁਣ ਤੱਕ ਸਰਕਾਰ ਨੇ ਪੂਰਾ ਨਹੀਂ ਕੀਤਾ।

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ 'ਤੇ ਲਾਠੀਆਂ ਵਰ੍ਹਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ 'ਤੇ ਲਾਠੀਆਂ ਵਰਾਈਆਂ ਗਈਆਂ, ਜਿਸ ਦੀ ਉਹ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਤੱਕ ਜਿੱਥੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਿਆਂ ਨਹੀਂ ਕੀਤਾ ਗਿਆ, ਉੱਥੇ ਹੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਅਧਿਆਪਕਾਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ।

ਅਧਿਆਪਕ ਆਗੂਆਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਨਹੀਂ ਮੰਨ ਲੈਂਦੀ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਅਧਿਆਪਕ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਪੰਜਾਬ ਸਰਕਾਰ ਦੀਆਂ ਕਥਿਤ ਗ਼ਲਤ ਨੀਤੀਆਂ ਦਾ ਘਰ-ਘਰ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਸੈਂਕੜੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਨਾਅਰੇਬਾਜੀ ਕੀਤੀ।