ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਖਿਲਾਫ ਲੜਨ ਲਈ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ: ਟੋਹੜਾ

Last Updated: Feb 12 2019 18:07

ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ ਜੱਥੇਬੰਦੀ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਯੂਨਿਟ ਫਿਰੋਜ਼ਪੁਰ ਵੱਲੋਂ ਸਰਬੱਤ ਦੇ ਭਲੇ ਲਈ 37ਵਾਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵਾ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਉਪਰੰਤ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਸੂਬਾ ਪ੍ਰਧਾਨ ਹਰੀ ਸਿੰਘ ਟੋਹੜਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਤੋਂ ਸੇਧ ਲੈ ਕੇ ਸਾਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਖਿਲਾਫ ਲੜਨ ਲਈ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਸੂਬਾ ਪ੍ਰਧਾਨ ਹਰੀ ਸਿੰਘ ਟੋਹੜਾ ਨੇ ਕਿਹਾ ਕਿ ਵਾਤਾਵਰਨ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿਹਾੜੀਦਾਰਾਂ ਅਤੇ ਠੇਕਾ ਆਧਾਰਿਤ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਪੇ-ਸਕੇਲਾਂ, ਗ੍ਰੇਡ ਭੱਤਿਆਂ, ਡੀ.ਏ ਦੀਆਂ ਕਿਸ਼ਤਾਂ ਵਿੱਚ ਸੋਧ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਕੱਲ੍ਹ ਮਿਤੀ 13 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਵਿਖੇ ਪੁੱਜਣ ਤਾਂ ਜੋ ਪੰਜਾਬ ਸਰਕਾਰ ਨੂੰ ਮੰਗਾਂ ਦੀ ਪੂਰਤੀ ਸਬੰਧੀ ਜਾਣੂੰ ਕਰਵਾਇਆ ਜਾ ਸਕੇ। ਇਸ ਮੌਕੇ ਬਲਬੀਰ ਸਿੰਘ, ਜਸਵਿੰਦਰ ਸਿੰਘ ਪ੍ਰਧਾਨ, ਤਰਸੇਮ ਲਾਲ, ਬਾਬਾ ਜੋਗਿੰਦਰ ਸਿੰਘ, ਪ੍ਰਤਾਪ ਸਿੰਘ ਢਿੱਲੋਂ, ਜੋਗਿੰਦਰ ਸਿੰਘ, ਤਰਸੇਮ ਸਿੰਘ, ਸੁਰਿੰਦਰ ਸਿੰਘ, ਬਿਕਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।