ਸਰਕਾਰ ਨਹੀਂ ਲੈ ਰਹੀ ਸਾਰ, ਕਿਸਾਨ ਜੇਲ੍ਹ ਜਾਣ ਨੂੰ ਤਿਆਰ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Mar 14 2019 15:31

ਪੰਜਾਬ ਦਾ ਕਿਸਾਨ ਵਰਗ ਜਿਹੜਾ ਕਿ ਪਹਿਲੋਂ ਹੀ ਕਰਜ਼ੇ ਦੇ ਭਾਰ ਹੇਠਾਂ ਦੱਬਿਆ ਪਿਆ ਹੈ, ਉੱਪਰੋਂ ਸਰਕਾਰਾਂ ਦੀਆਂ ਕਥਿਤ ਗਲਤ ਨੀਤੀਆਂ ਕਿਸਾਨ ਨੂੰ ਮਰਨ ਲਈ ਮਜਬੂਰ ਕਰ ਰਹੀਆਂ ਹਨ। ਕੇਂਦਰ ਦੀ ਸਰਕਾਰ ਹੋਵੇ ਜਾਂ ਫਿਰ ਪੰਜਾਬ ਦੀ ਸਰਕਾਰ, ਹਰ ਸਰਕਾਰ ਨੇ ਹੀ ਕਿਸਾਨਾਂ 'ਤੇ ਕਥਿਤ ਤੌਰ 'ਤੇ ਜ਼ੁਲਮ ਢਾਹਿਆ ਹੈ ਅਤੇ ਉਨ੍ਹਾਂ ਨੂੰ ਅਜਿਹੇ ਸੰਕਟ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿਸ ਵਿੱਚੋਂ ਹੁਣ ਬਾਹਰ ਨਿਕਲਣਾ ਕਿਸਾਨਾਂ ਦੇ ਲਈ ਮੁਸ਼ਕਲ ਕੰਮ ਹੋਇਆ ਪਿਆ ਹੈ।
 
ਕਿਸਾਨਾਂ ਉੱਪਰੋਂ ਜਿੱਥੇ ਕਰਜ਼ ਦੀ ਪੰਡ ਹੌਲੀ ਨਹੀਂ ਹੋ ਰਹੀ, ਉੱਥੇ ਹੀ ਦੂਜੇ ਪਾਸੇ ਸਰਕਾਰਾਂ ਦੇ ਨਿੱਤ ਨਵੇਂ ਟੈਕਸਾਂ ਨੇ ਕਿਸਾਨਾਂ ਦਾ ਲਹੂ ਪੀ ਲਿਆ ਹੈ। ਕਿਸਾਨ ਜਿਹੜਾ ਕਿ ਪੂਰੇ ਦੇਸ਼ ਦਾ ਢਿੱਡ ਭਰ ਰਿਹਾ ਹੈ, ਅੱਜ ਉਹ ਵੀ ਦੋ ਵੇਲੇ ਦੀ ਰੋਟੀ ਲਈ ਮਜਬੂਰ ਹੋਇਆ ਪਿਆ ਹੈ। ਦੱਸ ਦਈਏ ਕਿ ਸਮੇਂ ਦੀਆਂ ਸਰਕਾਰਾਂ ਜਿੱਥੇ ਕਿਸਾਨ ਦੀ ਸਾਰ ਲੈਣ ਤੋਂ ਭੱਜ ਰਹੀਆਂ ਹਨ, ਉੱਥੇ ਹੀ ਸਰਕਾਰ ਦੀ ਸ਼ਹਿ 'ਤੇ ਬੈਂਕਾਂ ਵਾਲੇ ਵੀ ਕਿਸਾਨਾਂ ਨੂੰ ਗਲਾਂ ਵਿੱਚ ਫਾਹਾਂ ਪਾਉਣ ਲਈ ਮਜਬੂਰ ਕਰ ਰਹੇ ਹਨ। ਕਿਉਂਕਿ ਬੈਂਕਾਂ ਵੱਲੋਂ ਕਿਸਾਨਾਂ 'ਤੇ ਕਰਜ਼ ਜਮ੍ਹਾਂ ਕਰਵਾਉਣ ਨੂੰ ਲੈ ਕੇ ਦਬਾਅ ਪਾਇਆ ਜਾ ਰਿਹਾ ਹੈ। 

ਮੰਡੀਆਂ ਵਿੱਚ ਫ਼ਸਲਾਂ ਦਾ ਚੰਗਾ ਭਾਅ ਨਾ ਮਿਲਣ ਦੇ ਕਾਰਨ ਕਿਸਾਨ ਫ਼ਸਲਾਂ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਮਜਬੂਰ ਹੋਏ ਪਏ ਹਨ, ਪਰ ਸਰਕਾਰਾਂ ਇਸ ਵੱਲ ਧਿਆਨ ਨਹੀਂ ਦੇ ਰਹੀਆਂ। ਕਿਸਾਨਾਂ ਮੁਤਾਬਿਕ ਜੇਕਰ ਜਲਦ ਪੰਜਾਬ ਅਤੇ ਕੇਂਦਰ ਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਚੋਣਾਂ ਦਾ ਬਾਈਕਾਟ ਕਰਨ ਤੋਂ ਇਲਾਵਾ ਗ੍ਰਿਫ਼ਤਾਰੀਆਂ ਦੇਣ ਲਈ ਮਜਬੂਰ ਹੋ ਜਾਣਗੇ ਅਤੇ ਆਪਣੇ ਆਪ ਨੂੰ ਪੁਲਿਸ ਹਵਾਲੇ ਕਰਕੇ ਜੇਲ੍ਹਾਂ ਭਰ ਦੇਣਗੇ। ਕਿਸਾਨਾਂ ਦੇ ਇਸ ਬਿਆਨ ਤੋਂ ਬਾਅਦ ਸਰਕਾਰਾਂ ਪੂਰੀ ਤਰ੍ਹਾਂ ਨਾਲ ਹਿੱਲ ਚੁੱਕੀਆਂ ਹਨ। 

ਦੱਸ ਦਈਏ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਿਆਂ ਨਾ ਹੁੰਦਾ ਵੇਖ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਸਮੂਹ ਪੰਜਾਬ ਦੇ ਕਿਸਾਨ ਅਤੇ ਮਜ਼ਦੂਰਾਂ ਨੂੰ ਇੱਕ ਮੁੱਠ ਕਰਦਿਆਂ ਹੋਇਆਂ ਹੁਣ ਤੋਂ ਇੱਕ ਨਵਾਂ ਸੰਘਰਸ਼ ਵਿੱਢਣ ਦੀ ਤਿਆਰੀ ਕਰ ਲਈ ਗਈ ਹੈ, ਜਿਸ ਦੇ ਸਬੰਧ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੂਰੇ ਪੰਜਾਬ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਸੰਘਰਸ਼ ਕਮੇਟੀ ਪਹਿਲੋਂ ਦੀ ਤਰ੍ਹਾਂ ਆਪਣੀਆਂ ਗ੍ਰਿਫ਼ਤਾਰੀਆਂ ਦੇਣ ਦੇ ਲਈ ਸਰਕਾਰ ਅੱਗੇ ਹੱਥ ਅੱਡੇਗੀ ਅਤੇ ਜੇਕਰ ਸਰਕਾਰ ਨੇ ਕੋਈ ਗੱਲ ਨਾ ਸੁਣੀ ਤਾਂ ਅਗਲੇ ਸੰਘਰਸ਼ ਲਈ ਤਿਆਰ ਰਹੇਗੀ। 

'ਨਿਊਜ਼ਨੰਬਰ' ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਸਮੇਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਦੇ ਕਾਰਨ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਪੰਨੂੰ ਦੇ ਮੁਤਾਬਿਕ ਉਨ੍ਹਾਂ ਦੇ ਵੱਲੋਂ ਹੁਣ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਭਰੋ ਅੰਦੋਲਨ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰਾਂ ਦੇ ਵੱਲੋਂ ਮੰਤਰੀਆਂ ਸਮੇਤ ਵਿਧਾਇਕਾਂ ਦੇ ਘਰਾਂ ਦਾ ਘੇਰਾਓ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰਾਂ ਨੇ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਉਹ ਫਿਰ ਤੋਂ ਰੇਲਾਂ ਰੋਕ ਕੇ ਚੱਕਾ ਜਾਮ ਕਰਨਗੇ। ਸਤਨਾਮ ਸਿੰਘ ਪੰਨੂੰ ਨੇ ਦੋਸ਼ ਲਗਾਇਆ ਕਿ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਮੰਗਤਾ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਕਦੇ ਅੰਨਦਾਤਾ ਕਹਿਲਾਇਆ ਕਰਦਾ ਸੀ, ਉਸ ਨੂੰ ਵੀ ਦੋ ਵੇਲੇ ਦੀ ਰੋਟੀ ਲਈ ਸਰਕਾਰਾਂ ਨੇ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਕਦੇ ਵੀ ਨਹੀਂ ਚਾਹੁੰਦੀ ਕਿ ਕਿਸਾਨ ਖ਼ੁਸ਼ ਰਹੇ। 

ਕਿਉਂਕਿ ਸਰਕਾਰਾਂ ਕਿਸਾਨਾਂ ਨੂੰ ਦਬਾ ਕੇ ਰੱਖਣਾ ਚਾਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰਾਂ ਦੀਆਂ ਕਥਿਤ ਕਿਸਾਨ ਵਿਰੋਧੀ ਨੀਤੀ ਦੇ ਚਲਦਿਆਂ ਜੱਥੇਬੰਦੀ ਵੱਲੋਂ ਸਰਬਸੰਮਤੀ ਨਾਲ ਕੀਤੇ ਗਏ ਫ਼ੈਸਲੇ ਮੁਤਾਬਿਕ ਜੇਲ੍ਹ ਭਰੋ ਮੋਰਚਾ ਮੁੜ 29 ਮਾਰਚ ਤੋਂ ਪੰਜਾਬ ਭਰ ਦੇ ਪੰਜ ਜ਼ਿਲ੍ਹਾ ਕੇਂਦਰਾਂ ਵਿਖੇ ਕਿਸਾਨ ਮਜ਼ਦੂਰ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਕੇ ਸ਼ੁਰੂ ਕੀਤਾ ਜਾਵੇਗਾ ਅਤੇ ਪਹਿਲੇ ਦਿਨ 51 ਆਗੂਆਂ ਦਾ ਜੱਥਾ ਗ੍ਰਿਫ਼ਤਾਰੀਆਂ ਦੇਣ ਲਈ ਪੇਸ਼ ਹੋਵੇਗਾ ਅਤੇ 30 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੋ ਦਿਨਾਂ ਵਿੱਚ ਕੋਈ ਵੀ ਕਿਸਾਨਾਂ ਦੀ ਮੰਗ ਨੂੰ ਨਾ ਮੰਨਿਆ ਤਾਂ ਕਿਸਾਨ 31 ਮਾਰਚ ਤੋਂ ਫਿਰ ਜੇਲ੍ਹ ਭਰੋ ਮੋਰਚਾ ਪੰਜਾਬ ਦੇ ਮੁੱਖ ਰੇਲ ਮਾਰਗਾਂ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਨਹੀਂ ਕਰ ਦਿੰਦੀਆਂ। ਦੋਸਤੋਂ, ਦੇਖਣਾ ਹੁਣ ਇਹ ਹੋਵੇਗਾ ਕਿ ਆਖ਼ਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਕਦੋਂ ਪ੍ਰਵਾਨ ਕਰਦੀ ਹੈ? ਕੀ ਇਹ ਅੰਦੋਲਨ ਸ਼ੁਰੂ ਹੋਣ ਤੋਂ ਪਹਿਲੋਂ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ? ਜਾਂ ਫਿਰ ਇਸੇ ਤਰ੍ਹਾਂ ਹੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ? ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਕਿ ਕੀ ਬਣਦੈ?

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।