ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ 23 ਮਾਰਚ ਨੂੰ ਹੋਵੇਗੀ ਸੂਬਾ ਪੱਧਰੀ ਸਮਾਗਮ

Last Updated: Mar 14 2019 17:41

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਵਜੋਂ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਦਿੱਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਲੋੜੀਂਦੀਆਂ ਸਿਹਤ ਸਹੂਲਤਾਂ, ਡਾਕਟਰਾਂ ਦੀਆਂ ਟੀਮਾਂ ਅਤੇ ਮੋਬਾਈਲ ਵੈਨਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ 'ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। 

ਡਿਪਟੀ ਕਮਿਸ਼ਨਰ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ 'ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਡੀਸੀ ਨੇ ਜ਼ਿਲ੍ਹਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰੱਖਤਾਂ ਦੀ ਕਟਾਈ ਅਤੇ ਦਰਖਤਾਂ ਦੇ ਮੁੱਢਾਂ 'ਤੇ ਕਲੀ ਕੀਤੀ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਰਾਜ ਪੱਧਰੀ ਸਮਾਰੋਹ ਨੂੰ ਪੂਰੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।