ਹਰ ਪਿੰਡ 'ਚ ਲਗਾਏ ਜਾਣਗੇ 550 ਪੌਦੇ !!!

Last Updated: Mar 14 2019 17:46

ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ 550 ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹਰੇਕ ਪਿੰਡ 550 ਬੂਟੇ ਲਗਾਏ ਜਾਣ ਵਾਲੀ ਮੁਹਿੰਮ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬੂਟੇ ਲਗਾਉਣ ਲਈ ਜੰਗਲਾਤ ਵਿਭਾਗ ਵੱਲੋਂ ਇਸ ਸਬੰਧੀ ਲੋੜੀਂਦੀਆਂ ਨਿਸ਼ਾਨਦੇਹੀਆਂ ਅਤੇ ਪੇਂਡੂ ਤੇ ਵਿਕਾਸ ਪੰਚਾਇਤ ਵਿਭਾਗ ਵੱਲੋਂ ਟੋਏ ਪੁੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੋਂ 31 ਮਾਰਚ 2019 ਤੱਕ 25 ਪ੍ਰਤੀਸ਼ਤ ਕੰਮ ਪੂਰਾ ਕੀਤਾ ਜਾਵੇਗਾ ਅਤੇ ਬਾਕੀ ਦਾ ਰਹਿੰਦਾ ਕੰਮ ਜੂਨ-ਜੁਲਾਈ ਦੇ ਮਹੀਨਿਆਂ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੂਟਿਆਂ ਦੀ ਸਾਂਭ-ਸੰਭਾਲ ਲਈ ਲੋੜ ਅਨੁਸਾਰ ਮਨਰੇਗਾ ਤਹਿਤ ਵੀ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੂਟੇ ਲਗਾਉਣ ਦੇ ਕੰਮ ਨੂੰ ਤਸੱਲੀਬਖ਼ਸ਼ ਨੇਪਰੇ ਚਾੜ੍ਹਿਆ ਜਾਵੇ ਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰੱਖੀ ਜਾਵੇ।