ਸਰਕਾਰ ਅਤੇ ਪ੍ਰਸ਼ਾਸਨ ਤੋਂ ਦੁਖੀ ਲੋਕਾਂ ਨੇ ਕੀਤਾ ਜਾਮ..!!!

Last Updated: Mar 14 2019 18:33

ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਤੇ ਵਾਟਰ ਸਪਲਾਈ ਬੰਦ ਹੋਣ ਦੇ ਕਾਰਨ ਦੁਖੀ ਲੋਕਾਂ ਦੇ ਵੱਲੋਂ ਅੱਜ ਫ਼ਿਰੋਜ਼ਪੁਰ-ਮੋਗਾ ਹਾਈਵੇ ਨੂੰ ਮੁਕੰਮਲ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਦਾ ਦੋਸ਼ ਸੀ ਕਿ ਉਨ੍ਹਾਂ ਦੇ ਵੱਲੋਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਈ ਵਾਰ ਸਰਕਾਰ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਉਨ੍ਹਾਂ ਦੀ ਸਮੱਸਿਆ ਜਿਉਂ ਦੀ ਤਿਉਂ ਹੈ, ਇਸ ਵੱਲ ਕਿਸੇ ਵੀ ਅਧਿਕਾਰੀ ਅਤੇ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਵੱਲੋਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਇੱਕ ਮੰਗ ਪੱਤਰ ਸੌਂਪਿਆ ਗਿਆ ਸੀ, ਪਰ ਡਿਪਟੀ ਕਮਿਸ਼ਨਰ ਵੱਲੋਂ ਵੀ ਉਨ੍ਹਾਂ ਦੀ ਮੰਗ ਨੂੰ ਅਣਗੌਲਿਆ ਕਰ ਦਿੱਤਾ ਗਿਆ ਅਤੇ ਸਮੱਸਿਆ ਦਾ ਹੱਲ ਨਹੀਂ ਕਰਵਾਇਆ। 

ਧਰਨੇ ਵਿੱਚ ਪਹੁੰਚੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਸਰਕਾਰਾਂ ਦੇ ਵੱਲੋਂ ਦਲਿਤ ਲੋਕਾਂ ਦੇ ਨਾਲ ਜਿੱਥੇ ਧੱਕਾ ਕੀਤਾ ਜਾ ਰਿਹਾ ਹੈ, ਉੱਥੇ ਦਲਿਤਾਂ ਦੀਆਂ ਬਸਤੀਆਂ ਨੂੰ ਵੀ ਸਹੀ ਤਰੀਕੇ ਨਾਲ ਪਾਣੀ ਆਦਿ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਮੋਗਾ ਰੋਡ ਤੇ ਸਥਿਤ ਬਾਬਾ ਜੀਵਨ ਸਿੰਘ ਬਸਤੀ ਦੇ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਬੰਦ ਹੈ, ਜਿਸ ਦੇ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੁਖੀ ਹੋ ਕੇ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਦੂਜੇ ਪਾਸੇ ਦੱਸ ਦਈਏ ਕਿ ਜਿਵੇਂ ਹੀ ਜਾਮ ਦੀ ਖਬਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਮਿਲੀ ਤਾਂ ਉਨ੍ਹਾਂ ਦੇ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੇ ਧਰਨਾਕਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਸਮੱਸਿਆ ਦਾ ਹੱਲ ਕਰਵਾ ਦਿੱਤਾ ਜਾਵੇਗਾ। ਭਰੋਸਾ ਮਿਲਣ ਮਗਰੋਂ ਧਰਨਾਕਾਰੀਆਂ ਵੱਲੋਂ ਧਰਨਾ ਚੁੱਕ ਦਿੱਤਾ ਗਿਆ।