ਜੈਵਿਕ ਖੇਤੀ ਦੀ ਸਫਲਤਾ ਲਈ, ਜੈਵਿਕ ਉਤਪਾਦ ਦੇ ਮੰਡੀਕਰਨ ਦਾ ਪ੍ਰਬੰਧ ਹੋਣਾ ਜ਼ਰੂਰੀ: ਡਾ. ਅਮਰੀਕ ਸਿੰਘ

Last Updated: Mar 14 2019 18:42

ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗੁਆਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਸਮੇਤ ਘਰੋਟਾ ਅਤੇ ਸੁਜਾਨਪੁਰ ਵਿਖੇ ਛੇੜੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਚੌਹਾਨਾਂ ਵਿਖੇ ਕਿਸਾਨਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਗਠਨ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਭਾਗੀ ਅਧਿਕਾਰੀਆਂ ਸਮੇਤ ਕਿਸਾਨ ਹਾਜ਼ਰ ਸਨ। 

ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਚੌਹਾਨ ਪਿੰਡ ਦਾ ਕੁਝ ਰਕਬਾ ਜੈਵਿਕ ਖੇਤੀ ਲਈ ਬਹੁਤ ਹੀ ਢੁਕਵਾਂ ਹੈ, ਕਿਉਂਕਿ ਇਸ ਰਕਬੇ ਨੂੰ ਅਬਾਦ ਹੋਏ ਕੁਝ ਸਾਲ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਗਠਨਾਂ ਵਿੱਚ ਸੰਗਠਿਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਤਾਂ ਹੀ ਫ਼ਾਇਦੇਮੰਦ ਹੈ ਜੇਕਰ ਜੈਵਿਕ ਉਤਪਾਦ ਦੇ ਸੁਚੱਜੇ ਮੰਡੀਕਰਨ ਦਾ ਪ੍ਰਬੰਧ ਹੋਵੇ। ਉਨ੍ਹਾਂ ਕਿਹਾ ਕਿ ਪੀਲੀ ਕੁੰਗੀ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮੀ ਤਬਦੀਲੀ ਕਾਰਨ ਬਲਾਕ ਪਠਾਨਕੋਟ ਵਿੱਚ ਕਣਕ ਦੀ ਫ਼ਸਲ ਉੱਪਰ ਕਿਤੇ-ਕਿਤੇ ਪੀਲੀ ਕੁੰਗੀ ਬਿਮਾਰੀ ਦਾ ਹਮਲਾ ਦੇਖਿਆ ਗਿਆ ਹੈ, ਜਿਸ ਤੋਂ ਕਿਸਾਨਾਂ ਨੂੰ ਚੌਕਸ ਰਹਿਣਾ ਚਾਹੀਦਾ।