ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਕੀਤੇ ਵਿਸ਼ੇਸ਼ ਪ੍ਰਬੰਧ- ਡੀ.ਸੀ ਗੋਇਲ

Last Updated: Mar 14 2019 19:03

ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਪਣਾਈ ਜਾਣ ਵਾਲੀ ਚੋਣ ਪ੍ਰਕਿਰਿਆ ਅਤੇ ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜ਼ਿਲ੍ਹੇ ਦੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਭਲਕੇ 15 ਮਾਰਚ ਨੂੰ ਸਵੇਰੇ 9 ਵਜੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ।

ਉਪਰੋਕਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਸਾਰੇ ਵੋਟਰਾਂ ਦੀ ਸ਼ਮੂਲੀਅਤ ਹੋਣੀ ਜ਼ਰੂਰੀ ਹੈ ਅਤੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਤੇ ਰੈਂਪ ਬਣਾਏ ਗਏ ਹਨ ਅਤੇ ਦਿਵਿਆਂਗ ਵੋਟਰਾਂ ਲਈ ਵਹੀਲ ਚੇਅਰ ਵੀ ਰੱਖੀਆਂ ਜਾਣਗੀਆਂ ਤਾਂ ਜੋ ਦਿਵਿਆਂਗ ਵੋਟਰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

ਜ਼ਿਲ੍ਹਾ ਚੋਣ ਅਫਸਰ ਸ਼੍ਰੀ ਗੋਇਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਦੇ ਸਮੂਹ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਰਾਹੀਂ ਵੋਟਰਾਂ ਨੂੰ ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਸੰਵਿਧਾਨਕ ਹੱਕ ਦੀ ਬਿਨਾਂ ਕਿਸੇ ਡਰ, ਭੈਅ, ਦਬਾਅ ਜਾਂ ਲਾਲਚ ਤੋਂ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਲੋਕਤੰਤਰ ਦੀ ਮਜ਼ਬੂਤੀ ਵਿੱਚ ਹਰੇਕ ਵੋਟਰ ਆਪਣਾ ਉਸਾਰੂ ਯੋਗਦਾਨ ਪਾ ਸਕੇ।