ਕਿਸਾਨ ਤੇ ਮਜ਼ਦੂਰ 29 ਮਾਰਚ ਤੋਂ ਕਰ ਸਕਦੇ ਨੇ ਜੇਲ੍ਹ ਭਰੋ ਮੋਰਚਾ ਸ਼ੁਰੂ.!!!

Last Updated: Mar 15 2019 13:23

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿੱਚ ਕਿਸਾਨ ਵਫਦ ਨੇ ਅੱਜ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ, ਆਈ.ਜੀ ਫਿਰੋਜ਼ਪੁਰ ਨਾਲ ਮੀਟਿੰਗਾਂ ਕੀਤੀਆਂ ਅਤੇ ਕਿਸਾਨਾਂ, ਮਜ਼ਦੂਰਾਂ ਦੇ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ। ਕਿਸਾਨਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਕਿਹਾ ਕਿ ਜੇਕਰ ਜਲਦ ਕਿਸਾਨਾਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਉਹ 29 ਮਾਰਚ ਤੋਂ ਜੇਲ੍ਹ ਭਰੋ ਮੋਰਚਾ ਫਿਰੋਜ਼ਪੁਰ ਦੇ ਡੀ.ਸੀ. ਦਫਤਰ ਤੋਂ ਪੰਜਾਬ ਦੇ 4 ਹੋਰ ਜ਼ਿਲ੍ਹਿਆਂ ਤੋਂ ਸ਼ੁਰੂ ਕਰ ਦੇਣਗੇ। 

ਉਨ੍ਹਾਂ ਕਿਹਾ ਕਿ ਜੇਕਰ ਜੇਲ੍ਹ ਜਾਣ ਵਾਲੇ ਜੱਥੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਗ੍ਰਿਫਤਾਰ ਨਾ ਕੀਤੇ ਗਏ ਤਾਂ 30 ਮਾਰਚ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘੇਰਾਓ ਕੀਤਾ ਜਾਵੇਗਾ ਅਤੇ ਉਸ ਤੋਂ ਮਗਰੋਂ 31 ਮਾਰਚ ਨੂੰ ਮੋਰਚਾ ਮੁੱਖ ਰੇਲ ਮਾਰਗ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਵੇਖਦਿਆਂ ਜ਼ਿਲ੍ਹਾ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਅਸੀਂ ਪੰਜਾਬ ਸਰਕਾਰ ਨਾਲ ਗੱਲ ਕਰਕੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ। ਇਸ ਮੌਕੇ ਕਿਸਾਨ ਆਗੂਆਂ ਨੇ ਕੱਚਰਭੰਨ ਕੇਸ ਤੋਂ ਇਲਾਵਾ ਹੋਰ ਪੁਲਿਸ ਕੇਸਾਂ 'ਤੇ ਸਿਆਸੀ ਦਬਾਅ ਤੇ ਭ੍ਰਿਸ਼ਟਾਚਾਰ ਚੱਲਦਿਆਂ ਖੁਰਦ ਬੁਰਦ ਕਰਨ ਦੇ ਦੋਸ਼ ਲਗਾਉਂਦਿਆਂ ਸਰਕਾਰ ਤੇ ਪ੍ਰਸਾਸ਼ਨ 'ਤੇ ਸਵਾਲ ਚੁੱਕੇ। 

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ, ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਬੈਂਕਾਂ ਵੱਲੋਂ ਲਏ ਖਾਲੀ ਚੈੱਕ ਤੁਰੰਤ ਵਾਪਸ ਕੀਤੇ ਜਾਣ, ਕੱਚਰਭੰਨ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ, ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ, ਗੰਨੇ ਦਾ ਬਕਾਇਆ 15 ਪ੍ਰਤੀਸ਼ਤ ਵਿਆਜ ਸਮੇਤ ਦਿੱਤਾ ਜਾਵੇ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਘਰੇਲੂ ਬਿਜਲੀ ਦਰ 1 ਰੁਪਏ ਪ੍ਰਤੀ ਯੁਨਿਟ ਦਿੱਤੀ ਜਾਵੇ, ਮਜ਼ਦੂਰਾਂ ਦੇ ਬਕਾਇਆ ਬਿੱਲ ਖਤਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਕਤ ਮੰਗਾਂ ਦੇ ਸਬੰਧ ਵਿੱਚ ਕਿਸਾਨ ਅਤੇ ਮਜ਼ਦੂਰ ਕਿਸੇ ਵੀ ਵੇਲੇ ਸੰਘਰਸ਼ ਕਰਨ ਨੂੰ ਮਜਬੂਰ ਹੋ ਸਕਦੇ ਹਨ। ਇਸ ਮੌਕੇ ਮੀਟਿੰਗ ਵਿੱਚ ਨਰਿੰਦਰਪਾਲ ਸਿੰਘ ਜੁਤਾਲਾ, ਧਰਮ ਸਿੰਘ ਸਿੱਧੂ, ਰਣਬੀਰ ਸਿੰਘ ਠੱਠਾ, ਅਮਨਦੀਪ ਸਿੰਘ ਕੱਚਰਭੰਨ, ਸਾਹਿਬ ਸਿੰਘ ਦੀਨੇਕੇ, ਅੰਗਰੇਜ਼ ਸਿੰਘ ਬੂਟੇ ਵਾਲਾ, ਰਛਪਾਲ ਸਿੰਘ ਗੱਟਾ ਬਾਦਸ਼ਾਹ ਆਦਿ ਹਾਜ਼ਰ ਸਨ।