ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

Last Updated: Apr 15 2019 16:12
Reading time: 1 min, 19 secs

ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2019 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਰਾਮਵੀਰ ਆਈ.ਏ.ਐਸ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਦੇਖਣ ਵਿੱਚ ਆਇਆ ਹੈ ਕਿ ਜ਼ਮੀਨ ਮਾਲਕਾਂ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਤੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏਂ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ-ਦੁਆਲੇ ਖੜੀ ਫ਼ਸਲ ਦਾ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ।

ਇਸ ਤੋਂ ਇਲਾਵਾ ਦੁਰਲੱਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ ਅਤੇ ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਾਉਣ ਕਾਰਨ ਸੜਕ ਉੱਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੀ ਹਦੁਦ ਅੰਦਰ ਸਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਬਾਈਨ ਉਪਰੋਕਤ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਜਾਂਦੀ ਹੈ ਤਾਂ ਕੰਬਾਈਨ ਨੂੰ ਤੁਰੰਤ ਜ਼ਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤੇਗਾ ਅਤੇ ਨਾ ਹੀ ਪੁਰਾਣੀਆਂ ਕੰਬਾਈਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਉਪਰੋਕਤ ਹੁਕਮ 31 ਮਈ 2019 ਤੱਕ ਲਾਗੂ ਰਹਿਣਗੇ।