ਲੋਕਸਭਾ ਚੋਣਾਂ ਦੇ ਮੱਦੇਨਜ਼ਰ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਅਭਿਆਨ ਸ਼ੁਰੂ

Last Updated: May 01 2019 16:35
Reading time: 1 min, 8 secs

ਪੰਜਾਬ ਵਿੱਚ 19 ਮਈ ਨੂੰ ਹੋਣ ਜਾ ਰਹੀਆਂ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁੱਖੀ ਐੱਸ.ਐੱਸ.ਪੀ. ਓਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਅੱਜ ਡੀ.ਐੱਸ.ਪੀ. ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਿਵਲ ਲਾਈਨ ਬਟਾਲਾ ਦੇ ਐੱਸ.ਐੱਚ.ਓ. ਗੁਰਚਰਨ ਸਿੰਘ, ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਹਰਸੰਦੀਪ ਸਿੰਘ ਅਤੇ ਥਾਣਾ ਸਿਟੀ ਬਟਾਲਾ ਦੇ ਐੱਸ.ਐੱਚ.ਓ. ਰਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਗਠਿਤ ਕੀਤੀਆਂ ਗਈਆਂ ਤਿੰਨ ਪੁਲਿਸ ਟੀਮਾਂ ਵੱਲੋਂ ਬੱਸ ਸਟੈਂਡ ਬਟਾਲਾ ਅਤੇ ਰੇਲਵੇ ਸਟੇਸ਼ਨ ਬਟਾਲਾ ਵਿਖੇ ਯਾਤਰੀਆਂ ਦੇ ਸਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਇਸ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੂੰ ਕਿਸੇ ਵੀ ਯਾਤਰੀ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ।

ਇਸ ਵਿਸ਼ੇਸ਼ ਚੈਕਿੰਗ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਤਲਾਸ਼ੀ ਅਭਿਆਨ ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁੱਖੀ ਐੱਸ.ਐੱਸ.ਪੀ. ਓਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 19 ਮਈ ਨੂੰ ਹੋਣ ਜਾ ਰਹੀਆਂ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਇਹ ਤਲਾਸ਼ੀ ਮੁਹਿੰਮ 1 ਮਈ ਤੋਂ ਲੈ ਕੇ 15 ਮਈ ਤੱਕ ਨਿਰੰਤਰ ਜਾਰੀ ਰਹੇਗੀ ਅਤੇ ਇਸ ਦੌਰਾਨ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਸਾਰੀਆਂ ਭੀੜ-ਭੜੱਕੇ ਵਾਲੀਆਂ ਥਾਵਾਂ ਅਤੇ ਸ਼ੱਕੀ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ, ਤਾਂ ਜੋ ਸਮੁੱਚੇ ਇਲਾਕੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਲੋਕਸਭਾ ਚੋਣਾਂ ਦਾ ਅਮਲ ਪੂਰੇ ਅਮਨ-ਅਮਾਨ ਨਾਲ ਸਿਰੇ ਚੜ੍ਹ ਸਕੇ।