ਸਿਹਤ ਵਿਭਾਗ ਪੰਜਾਬ 28 ਮਈ ਤੋਂ ਮਨਾਏਗਾ ਡਾਇਰੀਆ ਕੰਟਰੋਲ ਪੰਦ੍ਹਰਵਾੜਾ.!!!

Last Updated: May 16 2019 16:49
Reading time: 1 min, 36 secs

ਸਿਹਤ ਵਿਭਾਗ ਵੱਲੋਂ 28 ਮਈ ਤੋਂ 06 ਜੂਨ ਤੱਕ ਡਾਇਰੀਆਂ ਕੰਟਰੋਲ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਡਾਇਰੀਏ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੰਦਰਾਵਾੜੇ ਦੌਰਾਨ ਸਿਹਤ ਵਿਭਾਗ ਦੇ ਨੁਮਾਇੰਦਿਆਂ ਅਤੇ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਦੁਆਰਾ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕਟ ਵੰਡੇ ਜਾਣਗੇ ਅਤੇ ਲੋਕਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡਾਇਰੀਏ ਤੋਂ ਬਚਾਅ ਸਬੰਧੀ ਲੋੜੀਂਦੇ ਇਤਿਆਦ ਵਰਤਣ ਬਾਰੇ ਦੱਸਿਆ ਜਾਵੇਗਾ। 

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਦਸਤਾ ਦੇ ਇਲਾਜ ਲਈ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਬਣਾਏ ਜਾਣਗੇ ਅਤੇ ਲੋੜ ਪੈਣ ਤੇ ਪੀੜਤ ਬੱਚੇ ਦਾ ਤੁਰੰਤ ਇਲਾਜ ਕੀਤਾ ਜਾਵੇਗਾ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਦੇ ਆਰ.ਬੀ.ਐੱਸ.ਕੇ. ਟੀਮਾਂ ਵੱਲੋਂ ਸਕੂਲਾਂ ਵਿੱਚ ਜਾ ਕੇ ਸਕੂਲੀ ਬੱਚਿਆਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਆਰ.ਬੀ.ਐੱਸ.ਕੇ ਟੀਮਾਂ ਨੂੰ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿਚਲੀਆਂ ਸਮੂਹ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਅਤੇ ਪਖਾਨਿਆਂ ਦੀ ਸਾਫ-ਸਫਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰੋ-ਘਰੀ ਆਈ.ਡੀ.ਸੀ.ਐੱਫ-2019 (ਡਾਇਰੀਆਂ ਕੰਟਰੋਲ ਪੰਦ੍ਹਰਵਾੜਾ) ਸਬੰਧੀ ਸਮਾਜਿਕ ਜਾਗਰੂਕਤਾ ਉਤਪੰਨ ਕਰਨ ਵਿੱਚ ਏ.ਐੱਨ.ਐੱਮ. ਅਤੇ ਆਸ਼ਾ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਉਹ ਸਬ-ਸੈਂਟਰ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਬਣਨ ਵਾਲੇ ਓ.ਆਰ.ਐੱਸ ਕੌਰਨਰ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਉਤਪੰਨ ਕਰਨ ਅਤੇ ਡਾਇਰੀਆਂ ਤੋਂ ਪ੍ਰਭਾਵਿਤ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਬ-ਸੈਂਟਰ ਪੱਧਰ/ਪੀ.ਐੱਚ.ਸੀਜ਼. ਤੱਕ ਲੈ ਕੇ ਜਾਣ ਵਿੱਚ ਸਿਹਤ ਵਿਭਾਗ ਦੀ ਮਦਦ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਸੰਜੀਵ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਪ੍ਰਦੀਪ ਅਗਰਵਾਲ, ਐੱਸ.ਐੱਮ.ਓ. ਫ਼ਿਰੋਜ਼ਸ਼ਾਹ ਡਾ. ਵਨੀਤਾ ਭੁੱਲਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਜਗਦੇਵ ਸਿੰਘ ਢਿੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।