ਸੰਨੀ ਦਿਓਲ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਰੈਲੀਆਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

Last Updated: May 16 2019 18:16
Reading time: 1 min, 38 secs

ਲੋਕਸਭਾ ਚੋਣਾਂ ਦੇ ਆਖ਼ਰੀ ਗੇੜ ਦੇ ਤਹਿਤ ਪੰਜਾਬ ਵਿੱਚ 19 ਮਈ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਮਹਿਜ਼ ਦੋ ਦਿਨ ਬਾਕੀ ਰਹਿ ਜਾਣ ਕਾਰਨ ਅਤੇ ਚੋਣ ਪ੍ਰਚਾਰ ਵਿੱਚ ਵੀ ਥੋੜ੍ਹਾ ਜਿਹਾ ਸਮਾਂ ਬਾਕੀ ਰਹਿ ਜਾਣ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ 13 ਲੋਕਸਭਾ ਹਲਕਿਆਂ ਵਿੱਚੋਂ ਸਭ ਤੋਂ ਚਰਚਿਤ ਹਲਕੇ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਭਿਨੇਤਾ ਸੰਨੀ ਦਿਓਲ ਵੱਲੋਂ ਵੀ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਨੀ ਦਿਓਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੇ ਪਿਤਾ ਧਰਮਿੰਦਰ ਵੱਲੋਂ ਵੀ ਰੋਡ-ਸ਼ੋਅ ਅਤੇ ਚੋਣ ਰੈਲੀਆਂ ਦੇ ਜ਼ਰੀਏ ਗੁਰਦਾਸਪੁਰ ਹਲਕੇ ਦੇ ਲੋਕਾਂ ਨਾਲ ਸੰਪਰਕ ਸਾਧ ਕੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਸੰਨੀ ਦਿਓਲ ਵੱਲੋਂ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਸਥਾਨਕ ਅਕਾਲੀ-ਭਾਜਪਾ ਆਗੂਆਂ ਨਾਲ ਮਿਲ ਕੇ ਵਿਧਾਨਸਭਾ ਹਲਕਾ ਬਟਾਲਾ ਦੇ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ, ਵਡਾਲ ਗ੍ਰੰਥੀਆਂ, ਸੇਖਵਾਂ ਅਤੇ ਪਿੰਡ ਧੁੱਪਸੜੀ ਵਿਖੇ ਭਰਵੀਆਂ ਚੋਣ ਰੈਲੀਆਂ ਕੀਤੀਆਂ ਗਈਆਂ।

ਇਹਨਾਂ ਚੋਣ ਰੈਲੀਆਂ ਵਿੱਚ ਵੱਡੇ ਪੱਧਰ 'ਤੇ ਹੋਏ ਇਕੱਠ ਨੂੰ ਵੇਖ ਕੇ ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਸੰਨੀ ਦਿਓਲ ਵੀ ਬਾਗੋ-ਬਾਗ ਹੋ ਗਏ। ਇਹਨਾਂ ਚੋਣ ਰੈਲੀਆਂ ਵਿੱਚ ਸੰਨੀ ਦਿਓਲ ਵੱਲੋਂ ਲੋਕਾਂ ਤੋਂ ਵੋਟਾਂ ਦੀ ਮੰਗ ਕਰਨ ਦੇ ਨਾਲ-ਨਾਲ ਆਪਣੀਆਂ ਮਸ਼ਹੂਰ ਫ਼ਿਲਮਾਂ ਦੇ ਡਾਇਲਾਗ ਸੁਣਾ ਕੇ ਹਾਜ਼ਰ ਲੋਕਾਂ ਦਾ ਮਨੋਰੰਜਨ ਵੀ ਕੀਤਾ ਗਿਆ। ਇਹਨਾਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਵੀ ਪੰਜਾਬ ਦੀ ਕਾਂਗਰਸ ਸਰਕਾਰ ਦੇ 'ਦੋ-ਸਾਲਾਂ' ਦੀ ਕਾਰਗੁਜ਼ਾਰੀ 'ਤੇ ਅਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਸਰਾਸਰ ਝੂਠ ਦਾ ਪੁਲੰਦਾ ਸਾਬਿਤ ਹੋਏ ਹਨ, ਜਿਨ੍ਹਾਂ ਦੇ ਆਧਾਰ 'ਤੇ ਕਾਂਗਰਸ ਨੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਦੀਆਂ ਵੋਟਾਂ ਧੋਖੇ ਨਾਲ ਹਥਿਆਈਆਂ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਉਹ ਕਾਂਗਰਸ ਪਾਰਟੀ ਦੇ ਝੂਠੇ ਲਾਰਿਆਂ ਤੋਂ ਸਾਵਧਾਨ ਰਹਿਣ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਨੂੰ ਕਾਮਯਾਬ ਕਰਕੇ ਦੇਸ਼ ਦੀ ਵਾਗਡੋਰ ਇੱਕ ਵਾਰ ਫਿਰ ਨਰਿੰਦਰ ਮੋਦੀ ਵਰਗੇ ਨਿਡਰ ਨੇਤਾ ਦੇ ਹੱਥਾਂ ਵਿੱਚ ਸੌਂਪਣ।