ਸੰਨੀ ਦਿਓਲ ਦੀ ਜਿੱਤ ਲਈ ਲਖਬੀਰ ਸਿੰਘ ਲੋਧੀਨੰਗਲ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

Last Updated: May 23 2019 17:41
Reading time: 0 mins, 56 secs

ਲੋਕਸਭਾ ਹਲਕਾ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਪ੍ਰਸਿੱਧ ਫਿਲਮ ਅਭਿਨੇਤਾ ਸੰਨੀ ਦਿਓਲ ਦੀ ਇਤਿਹਾਸਿਕ ਜਿੱਤ 'ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਨਸਭਾ ਹਲਕਾ ਬਟਾਲਾ ਦੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਸ਼ਾਨਦਾਰ ਜਿੱਤ ਵਿੱਚ ਸਮੁੱਚੇ ਹਲਕੇ ਦੇ ਅਕਾਲੀ-ਭਾਜਪਾ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਦਾ ਬਹੁਤ ਵੀ ਵਧੀਆ ਯੋਗਦਾਨ ਰਿਹਾ ਹੈ। ਸੰਨੀ ਦਿਓਲ ਦੀ ਇਤਿਹਾਸਿਕ ਜਿੱਤ 'ਤੇ ਸਮੂਹ ਪਾਰਟੀ ਵਰਕਰਾਂ ਅਤੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਵਿਧਾਇਕ ਲੋਧੀਨੰਗਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੂੰ ਬਟਾਲਾ ਹਲਕੇ ਤੋਂ ਲੀਡ ਨਾਲ ਜਿਤਾ ਕੇ ਸਮੂਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਨਮੋਸ਼ੀਜਨਕ ਹਾਰ ਨੇ ਸੱਤਾਧਾਰੀ ਕਾਂਗਰਸ ਪਾਰਟੀ ਦਾ ਘੁਮੰਡ ਵੀ ਤੋੜ ਕੇ ਰੱਖ ਦਿੱਤਾ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਉਨ੍ਹਾਂ ਦੇ ਦਫਤਰ ਵਿਖੇ ਮੌਜੂਦ ਸਮੂਹ ਪਾਰਟੀ ਵਰਕਰਾਂ ਵੱਲੋਂ ਲੋਕਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਵੱਡੀ ਜਿੱਤ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਸ਼ਾਨਦਾਰ ਕਾਰਗੁਜ਼ਾਰੀ 'ਤੇ ਖੁਸ਼ੀ ਮਨਾਈ ਗਈ।