ਗੁਰੂ ਨਾਨਕ ਨਗਰ ਤੇ ਲਕਸ਼ਮੀ ਨਗਰ ਦੇ ਲੋਕਾਂ ਨੂੰ ਕੀਤਾ ਡੇਂਗੂ ਤੋਂ ਬਚਾਅ ਲਈ ਜਾਗਰੂਕ

Last Updated: May 24 2019 16:22
Reading time: 1 min, 15 secs

ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਹਰ ਸ਼ੁੱਕਰਵਾਰ ਡ੍ਰਾਈ ਡੇ ਐਕਟੀਵਿਟੀ ਤਹਿਤ ਹੈਲਥ ਵਰਕਰਾਂ ਵੱਲੋਂ ਗੁਰੂ ਨਾਨਕ ਨਗਰ ਅਤੇ ਲਕਸ਼ਮੀ ਨਗਰ ਦੀ ਫੀਲਡ ਵਿਜਿਟ ਕੀਤੀ ਗਈ। ਉਨ੍ਹਾਂ ਵੱਲੋਂ ਲੋਕਾਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਬਾਰੇ ਤਾਂ ਜਾਣਕਾਰੀ ਦਿੱਤੀ ਹੀ ਗਈ ਨਾਲ ਹੀ ਘਰਾਂ ਦੇ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਗਮਲੇ ਅਤੇ ਹੋਰ ਅਜਿਹੇ ਸੋਮੇ ਜਿੱਥੇ ਪਾਣੀ ਦਾ ਠਹਿਰਾਅ ਹੈ, ਉਨ੍ਹਾਂ ਨੂੰ ਚੈਕ ਕੀਤਾ ਗਿਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲ੍ਹੇ ਵਿੱਚ ਫੀਲਡ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਭੇਜੀਆਂ ਗਈਆਂ ਟੀਮਾਂ ਦਾ ਸਹਿਯੋਗ ਕਰਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਹੁੰਦਾ ਹੈ ਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਫਰਿੱਜਾਂ ਦੀਆਂ ਟ੍ਰੇਆਂ ਨੂੰ ਚੰਗੀ ਤਰ੍ਹਾਂ ਸਾਫ ਕਰ ਕੇ ਸੁਖਾਇਆ ਜਾਵੇ। ਘਰਾਂ ਦੀਆਂ ਛੱਤਾਂ ਤੇ ਪਈਆਂ ਪਾਣੀ ਦੀਆਂ ਟੰਕੀਆ ਨੂੰ ਢੱਕ ਕੇ ਰੱਖਿਆ ਜਾਵੇ ਤੇ ਛੱਤਾਂ ਤੇ ਪਏ ਕਬਾੜ ਨੂੰ ਨਸ਼ਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀ ਵਿੱਚ ਹੀ ਬਚਾਅ ਹੈ। ਉਨ੍ਹਾਂ ਲੋਕਾਂ ਨੂੰ ਬੁਖਾਰ ਹੋਣ ਦੀ ਸੂਰਤ ਵਿੱਚ ਸੈਲਫ ਮੈਡੀਕੇਸ਼ਨ ਤੋਂ ਬਚਣ ਲਈ ਕਿਹਾ ਤੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਨੂੰ ਕਿਹਾ।