ਸਿਹਤ ਵਿਭਾਗ ਵੱਲੋਂ ਡੇਅਰੀ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ, 15 ਸੈਂਪਲ ਭਰੇ

Last Updated: May 25 2019 12:23
Reading time: 0 mins, 52 secs

ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅੰਦਰ ਡੇਅਰੀਆਂ, ਮਠਿਆਈ ਤੇ ਕਰਿਆਨੇ ਆਦਿ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ 15 ਸੈਂਪਲ ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਚੈਕਿੰਗ ਦੌਰਾਨ ਦੁੱਧ ਦੇ 08, 02 ਦਹੀਂ ਦੇ, 01 ਦੇਸੀ ਘਿਓ, 01 ਤੇਲ ਦਾ, 02 ਕੋਲਡ ਡਰਿੰਕ ਅਤੇ 01 ਗਰਮ ਮਸਾਲੇ ਦਾ ਸੈਂਪ ਭਰਿਆ ਗਿਆ, ਜਿਨ੍ਹਾਂ ਨੂੰ ਖਰੜ ਦੀ ਲੈਬਾਰਟਰੀ ਵਿਖੇ ਚੈੱਕ ਕਰਨ ਲਈ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਖਾਣ ਵਾਲੇ ਪਦਾਰਥ ਸ਼ੁੱਧ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸ ਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਕਲੀ ਦਵਾਈਆਂ ਵੇਚਣ ਵਾਲੇ ਤੇ ਦੁੱਧ ਤੇ ਦੁੱਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।