ਸਾਈਕਲ ਰੈਲੀ ਕੱਢਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਦਿੱਤਾ ਹਵਾ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼

Last Updated: May 28 2019 18:16
Reading time: 1 min, 45 secs

ਦਿਨੋਂ ਦਿਨ ਵਧਦੇ ਜਾ ਰਹੇ ਹਵਾ ਪ੍ਰਦੂਸ਼ਣ ਦੇ ਕਾਰਨ ਇਨਸਾਨੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵ ਅਤੇ ਲੋਕਾਂ ਨੂੰ ਪ੍ਰਦੂਸ਼ਣ ਦੇ ਖ਼ਿਲਾਫ਼ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵਿਚਕਾਰ ਡਰਾਇੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਸਕੂਲ ਵਿਦਿਆਰਥੀਆਂ ਨੇ ਸ਼ਹਿਰ ਚ ਸਾਈਕਲ ਰੈਲੀ ਕੱਢਕੇ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੇ ਨੁਕੇਲ ਲਗਾਉਣ ਸਬੰਧੀ ਜਾਗਰੂਕਤਾ ਦਾ ਸੰਦੇਸ਼ ਵੀ ਦਿੱਤਾ।

ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ ਫ਼ਤਿਹਗੜ੍ਹ ਸਾਹਿਬ ਦੇ ਵਾਤਾਵਰਣ ਇੰਜੀਨੀਅਰ ਵਿਜੈ ਕੁਮਾਰ ਨੇ ਕਿਹਾ ਕਿ ਵਿਸ਼ਵ ਭਰ ਵਿੱਚ 05 ਜੂਨ ਨੂੰ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਇਸ ਸਾਲ ਦਾ ਵਿਸ਼ਾ ਹਵਾ ਪ੍ਰਦੂਸ਼ਣ ਦਾ ਮਨੁੱਖੀ ਸਿਹਤ ਤੇ ਪੈ ਰਹੇ ਮਾੜੇ ਅਸਰ ਤੋਂ ਬਚਾਅ ਕਰਨ ਲਈ ਲੋਕਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਦਫ਼ਤਰ ਵੱਲੋਂ ਲਗਾਤਾਰ ਹਵਾ ਪ੍ਰਦੂਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਤਾਂ ਕਿ ਦਿਨ ਪ੍ਰਤੀ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਮੌਕੇ ਵਿਜੈ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਾਈਕਲ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਕਰੀਬ 110 ਬੱਚਿਆਂ ਅਤੇ ਸਕੂਲ ਸਟਾਫ਼ ਨੇ ਹਿੱਸਾ ਲਿਆ। ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਇਸ ਸਾਲ ਦੇ ਰੱਖੇ ਵਿਸ਼ੇ ਤੇ ਅਧਾਰਿਤ ਸਕੂਲੀ ਬੱਚਿਆਂ ਦੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਕਰੀਬ 80 ਵਿਦਿਆਰਥੀਆਂ ਵਿੱਚੋਂ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਹਾਇਕ ਵਾਤਾਵਰਣ ਇੰਜੀਨੀਅਰ ਚਰਨਜੀਤ ਰਾਏ, ਸੀਨੀਅਰ ਸਹਾਇਕ ਮਨਜੀਤ ਸਿੰਘ ਕੋਹਲੀ ਨੇ ਵੀ ਬੱਚਿਆਂ ਨੂੰ ਹਵਾ ਪ੍ਰਦੂਸ਼ਣ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਸਬੰਧੀ ਪ੍ਰੇਰਿਤ ਕੀਤਾ ਤਾਂ ਕਿ ਵਧਦੇ ਹਵਾ ਪ੍ਰਦੂਸ਼ਣ ਤੇ ਠੱਲ੍ਹ ਪਾਉਂਦੇ ਹੋਏ ਇਸਦਾ ਖ਼ਾਤਮਾ ਕੀਤਾ ਜਾ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਅਮਰਬੀਰ ਸਿੰਘ, ਅਮਿਤ ਕੁਮਾਰ, ਸਹਾਇਕ ਵਾਤਾਵਰਣ ਇੰਜੀਨੀਅਰ ਮੋਹਿਤ ਸਿੰਗਲਾ, ਜੂਨੀਅਰ ਵਾਤਾਵਰਣ ਇੰਜੀਨੀਅਰ ਪ੍ਰਿਤਪਾਲ ਕੌਰ ਆਦਿ ਤੋਂ ਇਲਾਵਾ ਹੋਰ ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।