ਵਧੀਕ ਡਿਪਟੀ ਕਮਿਸ਼ਨਰ ਸੰਧੂ ਦੀ ਪ੍ਰਧਾਨਗੀ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਮੀਟਿੰਗ

Last Updated: Jun 03 2019 14:48
Reading time: 1 min, 19 secs

ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸਮੂਹ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਤੇ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ. ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਇਸ ਮੁਹਿੰਮ ਦੀ ਪਿਛਲੇ ਸਾਲ ਤੋਂ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਲੋਕਾਂ ਨੂੰ ਜਿੱਥੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਸਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਤੇ ਸਮਾਜਿਕ ਬੁਰਾਈਆਂ ਤੇ ਖ਼ਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਸਿਹਤ, ਜੰਗਲਾਤ, ਖੇਤੀਬਾੜੀ, ਵਾਟਰ ਸਪਲਾਈ ਤੇ ਸੈਨੀਟੇਸ਼ਨ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ, ਪੁਲਿਸ, ਸਿੱਖਿਆ ਵਿਭਾਗ ਤੇ ਭੂਮੀ ਰੱਖਿਆ ਵਿਭਾਗ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਸ਼ਨ ਦੀ ਹੋਰ ਕਾਮਯਾਬੀ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਕੀਤਾ ਜਾਵੇ ਤੇ ਇਸ ਮੁਹਿੰਮ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਇੱਕ ਲੋਕ ਲਹਿਰ ਵਜੋਂ ਵਿਕਸਿਤ ਕੀਤਾ ਜਾਵੇ ਤੇ ਪੂਰੀ ਤਨਦੇਹੀ ਨਾਲ ਉਪਰਾਲੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕ ਸਕੀਮਾਂ ਦਾ ਲਾਭ ਹਾਸਿਲ ਕਰ ਸਕਣ।

ਇਸ ਮੌਕੇ ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਡਾ. ਕਿਸ਼ਨ ਚੰਦ ਸਿਵਲ ਸਰਜਨ, ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਅਫਸਰ, ਕੰਵਰਜੀਤ ਰੱਤੜਾ ਐਸ.ਡੀ.ਓ ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰੱਤੜਾ, ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਵਿਲਬਰਟ ਸੈਮਸਨ ਜ਼ਿਲ੍ਹਾ ਜੰਗਲਾਤ ਅਫਸਰ, ਅਨਿਲ ਕੁਮਾਰ ਈ.ਓ ਦੀਨਾਨਗਰ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।