ਨਸ਼ਿਆਂ 'ਤੇ ਨਿਰਭਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਯਕੀਨੀ ਬਣਾਇਆ ਜਾਵੇਗਾ: ਡੀਸੀ

Last Updated: Jun 04 2019 15:54
Reading time: 0 mins, 49 secs

ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨਸ਼ਿਆਂ 'ਤੇ ਨਿਰਭਰ ਲੋਕਾਂ ਦੇ ਇਲਾਜ ਅਤੇ ਮੁੜ ਵਸੇਵੇ ਸਬੰਧੀ ਰਣਨੀਤੀ ਨੂੰ ਅਪਣਾਇਆ ਜਾਵੇਗਾ। ਡੈਪੋ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨੀਤੀ ਤਹਿਤ ਕਾਨੂੰਨ ਅਨੁਸਾਰ ਨਸ਼ਿਆਂ ਦੀ ਸਪਲਾਈ ਲਾਈਨ ਕੱਟਣ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ 'ਤੇ ਨਿਰਭਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ 'ਤੇ ਨਿਰਭਰ ਲੋਕਾਂ ਤੋਂ ਨਸ਼ਿਆਂ ਦੇ ਕਲੰਕ ਨੂੰ ਮਿਟਾਉਣ ਲਈ ਉਨ੍ਹਾਂ ਦੇ ਮੁੜ ਵਸੇਬੇ ਲਈ ਵਿਆਪਕ ਪ੍ਰੋਗਰਾਮ ਤਹਿਤ ਸੰਜੀਦਾ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਬਾਹਰ ਕੱਢਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਸ ਨੂੰ ਜੰਗ ਦੇ ਤੌਰ 'ਤੇ ਲੜਿਆ ਜਾਵੇਗਾ।