ਨਸ਼ੇ ਨੂੰ ਖ਼ਤਮ ਕਰਨ ਲਈ ਸਮੂਹ ਸਮਾਜ ਦੇਵੇ ਪੁਲਿਸ ਪ੍ਰਸ਼ਾਸਨ ਦਾ ਸਾਥ: ਡੀਸੀ

Last Updated: Jun 05 2019 15:46
Reading time: 0 mins, 46 secs

ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਨੇ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ, ਇਸ ਲਈ ਹਰੇਕ ਵਿਅਕਤੀ ਆਪਣਾ ਮੋਹਰੀ ਰੋਲ ਨਿਭਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਬਡੀ ਅਤੇ ਡੈਪੋ ਪ੍ਰੋਗਰਾਮ ਚਲਾਏ ਗਏ ਹਨ ਅਤੇ ਇਨ੍ਹਾਂ ਪ੍ਰੋਗਰਾਮਾਂ ਨੂੰ ਆਪਣੇ ਮਿਸ਼ਨ ਵਿੱਚ ਸਫਲ ਬਣਾਉਣ ਲਈ ਸਾਂਝੇ ਉੱਦਮ ਦੀ ਬੇਹੱਦ ਲੋੜ ਹੈ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਡੀ ਅਤੇ ਡੈਪੋ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਗੰਭੀਰਤਾ ਦਿਖਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਡੈਪੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਲਈ ਜਿੱਥੇ ਜ਼ਿਲ੍ਹਾ ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ 'ਤੇ ਸ਼ਿਕੰਜਾ ਕੱਸਿਆ ਜਾਵੇ, ਉੱਥੇ ਵੱਧ ਤੋਂ ਵੱਧ ਡੈਪੋ ਬਣਾ ਕੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ੇ ਦੀ ਦਲਦਲ ਵਿੱਚ ਫ਼ਸੇ ਮਰੀਜ਼ਾਂ ਦੇ ਇਲਾਜ ਲਈ ਮੁੜ ਵਸੇਬਾ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।