ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ 'ਸਮਰ ਕੈਂਪ' ਦੌਰਾਨ ਵਿਦਿਆਰਥੀਆਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਦਿੱਤੀ ਸਿੱਖਿਆ

Last Updated: Jun 08 2019 15:34
Reading time: 1 min, 28 secs

ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਰਾਜ ਭਰ ਅੰਦਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਤਹਿਤ ਸਿੱਖਿਆ ਵਿਭਾਗ ਵੱਲੋਂ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀ ਸਿੱਖਿਆਵਾਂ ਬਾਰੇ ਗਿਆਨ ਵੰਡਿਆ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿਖੇ ਗਰਮੀਆਂ ਦੀ ਛੁੱਟੀਆਂ ਦੌਰਾਨ ਸਕੂਲਾਂ ਅੰਦਰ ਲੱਗੇ 'ਸਮਰ ਕੈਂਪ' ਦੌਰਾਨ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਸਿੱਖਿਆ ਦਿੱਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਕੇਸ਼ ਬਾਲਾ ਜ਼ਿਲ੍ਹਾ ਸਿੱਖਿਆ ਅਫਸਰ (ਸ) ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਦੇ ਸਬੰਧ ਵਿੱਚ ਵਿਦਿਆਰਥੀਆਂ ਦੇ ਸ਼ਬਦ/ਸੰਗੀਤ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਗਏ ਤੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥਣਾਂ ਦੇ ਸ਼ਬਦ ਗਾਇਨ ਦੇ ਮੁਕਾਬਲੇ ਕਰਵਾਏ ਗਏ। ਉਪਰੰਤ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਉਨ੍ਹਾਂ ਦੇ ਜੀਵਨ ਬਾਰੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਹੱਥੀਂ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦੀ ਵੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਮਾਨਸਿਕ ਤੇ ਬੌਧਿਕ ਵਿਕਾਸ ਲਈ ਅਤੀ ਸਹਾਈ ਸਿੱਧ ਹੁੰਦੇ ਹਨ ਅਤੇ ਇਨ੍ਹਾਂ ਨਾਲ ਬੱਚਿਆਂ ਵਿੱਚ ਧਾਰਮਿਕ ਰੁਚੀ ਵੀ ਪੈਦਾ ਹੁੰਦੀ ਹੈ।