ਨਸ਼ੇ ਖ਼ਤਮ ਕਰਕੇ ਹੀ ਲੱਗਦੈ ਸਰਕਾਰ ਲਵੇਗੀ ਸੁੱਖ ਦਾ ਸਾਹ.! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 11 2019 15:06
Reading time: 1 min, 9 secs

ਲੁਧਿਆਣਾ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੇ ਫ਼ੀਲਡ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਹਨ ਕਿ ਨਸ਼ੇ ਦੀ ਸਮਗਲਿੰਗ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੇ ਸਬੰਧਿਤ ਖੇਤਰ ਵਿੱਚ ਕੋਈ ਨਸ਼ੇ ਦੀ ਸਮਗਲਿੰਗ ਸਬੰਧੀ ਸਰਗਰਮੀ ਹੁੰਦੀ ਹੈ ਤਾਂ ਇਸ ਲਈ ਉਹ ਜ਼ਿੰਮੇਵਾਰ ਹੋਣਗੇ। ਇਹ ਹਦਾਇਤਾਂ ਸ਼ਹਿਰੀ ਪੁਲਿਸ ਦੇ ਵਧੀਕ ਡਿਪਟੀ ਕਮਿਸ਼ਨਰਾਂ ਪੁਲਿਸ ਤੇ ਸਹਾਇਕ ਪੁਲਿਸ ਕਮਿਸ਼ਨਰਾਂ ਨੂੰ ਪੁਲਿਸ ਲਾਈਨ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸਰਗਰਮੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਕੀਤੀਆਂ ਗਈਆਂ। ਇਸ ਮੌਕੇ ਸਪੈਸ਼ਲ ਟਾਸਕ ਫੋਰਸ 'ਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਨਸ਼ਾ ਸਮਗਲਰਾਂ ਵਿਰੁੱਧ ਚਲਾਈ ਗਈ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਫ਼ੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤੇ ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਨਸ਼ਿਆਂ ਦੇ ਮੁੱਦੇ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਫ਼ੀਲਡ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਨਸ਼ਿਆਂ ਸਬੰਧੀ ਕੋਈ ਸਰਗਰਮੀ ਹੁੰਦੀ ਹੈ ਤਾਂ ਇਸ ਲਈ ਉਹ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੇਸਾਂ ਵਿੱਚ ਵਿਧੀ ਬੱਧ ਤੇ ਵਿਸਥਾਰਤ ਜਾਂਚ ਨੂੰ ਅਪਣਾਇਆ ਜਾਵੇ ਤਾਂ ਜੋ ਇਸ ਨਾ-ਮੁਰਾਦ ਬਿਮਾਰੀ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾ ਸਕੇ।