ਸਿਵਲ ਸਰਜਨ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ, ਦਾਖਲ ਮਰੀਜ਼ਾਂ ਦੀਆਂ ਸੁਣੀਆਂ ਸਮੱਸਿਆਵਾਂ

Last Updated: Jun 12 2019 10:47
Reading time: 1 min, 42 secs

ਸਿਵਲ ਹਸਪਤਾਲ 'ਚ ਇਲਾਜ ਲਈ ਆਉਣ ਵਾਲੇ ਲੋਕਾਂ ਅਤੇ ਦਾਖਲ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਸੰਬੰਧੀ ਜ਼ਿਲ੍ਹਾ ਫਤਹਿਗੜ ਸਾਹਿਬ ਦੀ ਨਵਨਿਯੁਕਤ ਸਿਵਲ ਸਰਜਨ ਡਾ.ਸਿਮਰਨ ਕੌਰ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਅਤੇ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਿਵਲ ਸਰਜਨ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ, ਓ.ਪੀ.ਡੀ, ਗਾਇਨੀ ਵਾਰਡ, ਆਪਰੇਸ਼ਨ ਥੀਏਟਰ, ਲੈਬੋਰੇਟਰੀ, ਬਲੱਡ ਬੈਂਕ, ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਜਾ ਕੇ ਮਰੀਜਾਂ ਦਾ ਹਾਲ ਚਾਲ ਜਾਣਿਆ। ਇਸ ਮੌਕੇ ਸਿਵਲ ਸਰਜਨ ਡਾ.ਸਿਮਰਨ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਆਰੀ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਖਾਣ-ਪੀਣ ਦੀਆਂ ਵਸਤਾਂ ਚ ਮਿਲਾਵਟ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਕਿਸੇ ਵੀ ਹਾਲਤ ਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸਤੋਂ ਇਲਾਵਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਅੰਦਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਉੱਚ ਅਧਿਕਾਰੀਆਂ ਪੱਤਰ ਲਿਖਕੇ ਸਟਾਫ਼ ਦੀ ਕਮੀ ਨੂੰ ਦੂਰ ਕਰਨ ਦੀ ਮੰਗ ਕੀਤੀ ਜਾਵੇਗੀ।

ਇਸ ਮੌਕੇ ਸਿਵਲ ਸਰਜਨ ਡਾ.ਸਿਮਰਨ ਕੌਰ ਨੇ ਸਿਵਲ ਹਸਪਤਾਲ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਸੇਵਾਵਾਂ ਦੇਣ ਮੌਕੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਦੀ ਹੀ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਆਮ ਪਬਲਿਕ ਨੂੰ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਹਰ ਵਿਅਕਤੀ ਨੂੰ ਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਤੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਐਸਐਮਓ ਡਾ. ਤਰਸੇਮ ਖੁਰਾਣਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਨਰਸਿੰਗ ਸਿਸਟਰ ਹਰਮੀਤ ਕੌਰ, ਸਟੈਨੋ ਬਲਜੀਤ ਕੌਰ, ਬੀਸੀਸੀ ਫੈਸੀਲੀਟੇਟਰ ਜਸਵੀਰ ਕੌਰ ਆਦਿ ਤੋਂ ਇਲਾਵਾ ਹੋਰ ਅਧਿਕਾਰੀ ਤੇ ਮੁਲਾਜ਼ਮ ਵੀ ਮੌਜੂਦ ਸਨ।