ਸਿਹਤ ਵਿਭਾਗ ਨੇ ਚੈਕਿੰਗ ਦੌਰਾਨ ਗਲੇ ਸੜੇ ਫਲ ਕੀਤੇ ਨਸ਼ਟ

Last Updated: Jun 12 2019 11:50
Reading time: 1 min, 1 sec

ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ ਦੀ ਅਗਵਾਈ ਹੇਠ "ਮਿਸ਼ਨ ਤੰਦਰੁਸਤ ਪੰਜਾਬ" ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਸਥਾਨਕ ਫਲ/ਸਬਜ਼ੀ ਮੰਡੀ ਦੀ ਚੈਕਿੰਗ ਕੀਤੀ ਗਈ ਤੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਮੰਡੀ ਅੰਦਰ ਸਫਾਈ ਰੱਖਣ ਤੇ ਫਲਾਂ ਨੂੰ ਮਿਆਰੀ ਢੰਗ ਨਾਲ ਸਟੋਰ ਕਰਨ ਦੀ ਹਦਾਇਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਮੰਡੀ ਦੀ ਚੌਕਿੰਗ ਦੌਰਾਨ ਗਲੇ ਸੜੇ ਕੇਲਿਆਂ ਅਤੇ ਹੋਰ ਪੱਕੇ ਫਲਾਂ ਨੂੰ ਨਸ਼ਟ ਕੀਤਾ ਗਿਆ ਤੇ ਵਪਾਰੀਆਂ/ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਫਲਾਂ ਉੱਪਰ ਕਿਸੇ ਪ੍ਰਕਾਰ ਦਾ ਕੋਈ ਸਟਿੱਕਰ ਨਾ ਲਗਾਉਣ ਅਤੇ ਨਾ ਹੀ ਫਲਾਂ ਉੱਪਰ ਕਿਸੇ ਪ੍ਰਕਾਰ ਦੀ ਕੀਟਨਾਸ਼ਕ ਦਵਾਈਆਂ ਦੀ ਸਪਰੇਅ ਕੀਤੀ ਜਾਵੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਨਿਵੇਕਲੀ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਨੂੰ ਖਾਣ ਵਾਲੇ ਪਦਾਰਥ ਸ਼ੁੱਧ ਮੁਹੱਈਆ ਕਰਵਾਉਣਾ, ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਤੇ ਜਾਗਰੂਕ ਕਰਨਾ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ, ਤੇ ਜ਼ਿਲ੍ਹੇ ਅੰਦਰ ਨਕਲੀ ਦਵਾਈਆਂ ਵੇਚਣ ਵਾਲੇ ਤੇ ਦੁੱਧ ਤੇ ਦੁੱਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।