ਮੈਰਿਟ 'ਚ ਆਏ ਵਿਦਿਆਰਥੀਆਂ ਅਤੇ ਸੂਬਾ ਤੇ ਕੌਮੀ ਪੱਧਰ ਤੇ ਇਨਾਮ ਪਾਉਣ ਵਾਲੇ ਅਧਿਆਪਕਾਂ ਨੂੰ ਐਮ.ਪੀ ਨੇ ਕੀਤਾ ਸਨਮਾਨਿਤ

Last Updated: Jun 12 2019 18:37
Reading time: 3 mins, 3 secs

ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ, ਜਿਸ ਤਹਿਤ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਉਨ੍ਹਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਜਮਾਤ ਦੇ ਮੈਰਿਟ 'ਚ ਆਏ 9 ਵਿਦਿਆਰਥੀ , 42 ਸਕੂਲਾਂ ਦਾ 100 ਫ਼ੀਸਦੀ ਨਤੀਜਾ ਆਉਣ ਤੇ ਸਕੂਲ ਮੁਖੀਆਂ ਅਤੇ ਸੂਬਾ ਤੇ ਕੌਮੀ ਪੱਧਰ ਤੇ ਇਨਾਮ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ 4 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਨਮਾਨਿਤ ਕਰਨ ਮੌਕੇ ਮਾਤਾ ਗੁਜਰੀ ਕਾਲਜ 'ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਂਝਾ ਕੀਤਾ।

ਸਨਮਾਨ ਸਮਾਰੋਹ 'ਚ ਡਾ. ਅਮਰ ਸਿੰਘ ਨੇ ਕਿਹਾ ਕਿ ਅਧਿਆਪਕ ਵਰਗ ਦਾ ਸਮਾਜ ਵਿੱਚ ਵਿਸ਼ੇਸ਼ ਸਥਾਨ ਹੁੰਦਾ ਹੈ ਅਤੇ ਸਿੱਖਿਆ ਤੋਂ ਬਿਨ੍ਹਾਂ ਕੋਈ ਵੀ ਸਮਾਜ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲੀ ਬੱਚਿਆਂ ਨੂੰ ਕਾਲਜਾਂ ਤੇ ਯੂਨੀਵਰਸਿਟੀਆਂ ਦਾ ਦੌਰਾ ਕਰਵਾਉਣ ਤਾਂ ਕਿ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਹੋ ਸਕੇ। ਸਰਕਾਰ ਦੇ  ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ 'ਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 18ਵੇਂ ਨੰਬਰ ਤੋਂ ਮੌਜੂਦਾ ਸਾਲ ਪੰਜਾਬ ਭਰ 'ਚੋਂ ਤੀਜੇ ਸਥਾਨ ਤੇ ਆਇਆ ਹੈ।

ਸਮਾਰੋਹ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ 'ਚ ਦਿੱਤੀ ਜਾ ਰਹੀ ਸਿੱਖਿਆ ਦੇ ਮਿਆਰ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ 'ਚ ਦਾਖਲ ਕਰਵਾਉਣ ਲੱਗ ਪਏ ਸਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ 'ਚ ਕੀਤੇ ਸੁਧਾਰ ਸਦਕਾ ਹੁਣ ਸਰਕਾਰੀ ਸਕੂਲਾਂ 'ਚ ਮੁੜ ਤੋਂ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ ਅਤੇ ਜੇਕਰ ਅਧਿਆਪਕ ਇਸੇ ਤਰ੍ਹਾਂ ਮਿਹਨਤ ਕਰਦੇ ਰਹੇ ਤਾਂ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਵਿੱਦਿਆ ਪੱਖੋਂ ਸੂਬੇ ਦਾ ਮੋਹਰੀ ਜ਼ਿਲ੍ਹਾ ਬਣ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਕਈ ਸਕੂਲਾਂ ਵਿੱਚ ਅੰਗਰੇਜ਼ੀ ਮੀਡੀਅਮ 'ਚ ਪੜਾਈ ਕਰਵਾਈ ਜਾ ਰਹੀ ਹੈ। ਸਿੱਖਿਆ ਅਤੇ ਸਿਹਤ ਵੱਲ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ  ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਕੌਰ ਸਿੱਧੂ ਨੇ ਵਿਭਾਗ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ।

ਇਸ ਮੌਕੇ 10ਵੀਂ ਜਮਾਤ ਵਿੱਚ 99.38 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਚੋਂ ਦੂਜੇ ਨੰਬਰ ਤੇ ਆਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੀ ਜਸਲੀਨ ਕੌਰ ਅਤੇ ਸਰਕਾਰੀ ਹਾਈ ਸਕੂਲ ਅਲੀਪੁਰ ਸੋਢੀਆਂ ਸਕੂਲ ਦੀ 97.69 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਚੋਂ 14ਵਾਂ ਸਥਾਨ ਹਾਸਲ ਕਰਨ ਵਾਲੀ ਹਰਮਨਜੋਤ ਕੌਰ, 12ਵੀਂ ਜਮਾਤ ਚ 97.1 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਵਿਦਿਆਰਥਣ ਅਰਪਿਤ ਕੌਰ ਤੇ 96.2 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਸ਼ਿਵਮ ਪੁਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਦੀ 96.2 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।

ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ 96.0 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਦੀਪਕ ਕੁਮਾਰ, 96.0 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ ਲੜਕੇ ਦੇ ਵਿਦਿਆਰਥੀ ਹਰਸ਼ ਬਾਂਸਲ, 95.3 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਵਿਦਿਆਰਥੀ ਮੀਨਾਸ਼ੂ ਰਾਣਾ, 95.3 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਲੜਕੀਆਂ ਦੀ ਵਿਦਿਆਰਥਣ ਗੀਤਾ ਕੁਮਾਰੀ  ਅਤੇ ਰਾਜ ਪੱਧਰ 'ਤੇ ਇਨਾਮ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਦੇ ਅਧਿਆਪਕ ਇੰਦਰਜੀਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਦੇ ਜਗਤਾਰ ਸਿੰਘ ਮਨੈਲਾ, ਸਰਕਾਰੀ ਪ੍ਰਾਇਮਰੀ ਸਕੂਲ ਅਮਲੋਹ ਦੇ ਅਮਰੀਕ ਸਿੰਘ ਅਤੇ ਕੌਮੀ ਪੱਧਰ ਤੇ ਇਨਾਮ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਹਿੰਦੂਪੁਰ ਦੇ ਗੁਰਦੀਪ ਸਿੰਘ ਭੁੱਲਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।