ਮੋਦੀ ਸਰਕਾਰ ਦੀਆਂ ਨਾਕਾਮੀਆਂ ਖਿਲਾਫ ਡੱਟਕੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਕਾਂਗਰਸ- ਮਨੀਸ਼ ਤਿਵਾੜੀ

Last Updated: Jun 15 2019 15:48
Reading time: 2 mins, 9 secs

ਕਾਂਗਰਸ ਪਾਰਟੀ ਸੰਸਦ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨੂੰ ਪੂਰੀ ਦ੍ਰਿੜ੍ਹਤਾ ਦੇ ਨਾਲ ਨਿਭਾਏਗੀ ਅਤੇ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦੇ ਹੋਏ ਡੱਟਕੇ ਆਵਾਜ਼ ਬੁਲੰਦ ਕਰੇਗੀ। ਕਾਂਗਰਸ ਪਾਰਟੀ ਸੰਵਿਧਾਨਕ ਕਦਰਾਂ ਕੀਮਤਾਂ ਦੀ ਰਾਖੀ ਲਈ ਹਮੇਸ਼ਾ ਹੀ ਤੱਤਪਰ ਰਹੀ ਹੈ ਅਤੇ ਭਵਿੱਖ 'ਚ ਵੀ ਰਹੇਗੀ। ਪੰਜਾਬ ਸੂਬੇ ਨੇ ਦੇਸ਼ ਨੂੰ ਧਰਮ ਨਿਰਪੱਖਤਾ ਦੀ ਰਾਹ ਦਿਖਾਈ ਹੈ। ਉਪਰੋਕਤ ਵਿੱਚਾਰਾਂ ਦਾ ਪ੍ਰਗਟਾਵਾ ਹਲਕਾ ਆਨੰਦਪੁਰ ਤੋਂ ਕਾਂਗਰਸ ਦੇ ਨਵਨਿਯੁਕਤ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਪਿੰਡ ਬਠਲਾਣਾ 'ਚ ਵੋਟਰਾਂ ਦਾ ਧੰਨਵਾਦ ਕਰਨ ਸਬੰਧੀ ਆਯੋਜਿਤ ਕੀਤੇ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸਾਂਝਾ ਕੀਤਾ। ਸਮਾਰੋਹ ਦੌਰਾਨ ਉਨ੍ਹਾਂ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਮੌਕੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਹੀ ਸੰਵਿਧਾਨਕ ਕਦਰਾਂ ਕੀਮਤਾਂ ਦੀ ਰਾਖੀ ਲਈ ਪੂਰੀ ਦ੍ਰਿੜ੍ਹਤਾ ਅਤੇ ਇਮਾਨਦਾਰੀ ਦੇ ਨਾਲ ਕੰਮ ਕੀਤਾ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਪਿਛਲੀ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਪੂਰੇ ਜ਼ੋਰ ਸ਼ੋਰ ਨਾਲ ਸੰਸਦ 'ਚ ਆਵਾਜ਼ ਬੁਲੰਦ ਕੀਤੀ ਸੀ। ਲੋਕ ਸਭਾ ਚੋਣਾਂ-2019 ਤੋਂ ਬਾਅਦ ਕੇਂਦਰ 'ਚ ਦੁਬਾਰਾ ਤੋਂ ਬਣੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਾਕਾਮੀਆਂ ਖਿਲਾਫ ਲੋਕ ਸਭਾ 'ਚ ਕਾਂਗਰਸ ਪਾਰਟੀ ਡੱਟਕੇ ਵਿਰੋਧ ਕਰੇਗੀ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਵੋਟਰਾਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਪੱਖੋਂ ਹਲਕਾ ਮੋਹਾਲੀ ਪੂਰੇ ਸੂਬੇ ਵਿੱਚੋਂ ਧੁਰੇ ਵਜੋਂ ਉੱਭਰ ਰਿਹਾ ਹੈ ਅਤੇ ਹਰੇਕ ਕੰਪਨੀ ਇੱਥੇ ਆ ਕੇ ਆਪਣਾ ਕਾਰੋਬਾਰ ਕਰਨਾ ਚਾਹੁੰਦੀ ਹੈ। ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਰਗਾ ਸਰਕਾਰੀ ਮੈਡੀਕਲ ਕਾਲਜ ਸ਼ਹਿਰ ਚ ਬਣਨ ਜਾ ਰਿਹਾ ਹੈ। ਇਸਦੇ ਨਾਲ ਹੀ ਪਿੰਡ ਸਨੇਟਾ 'ਚ ਵੀ ਚੰਡੀਗੜ੍ਹ ਦੇ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਤਰਜ਼ ਤੇ ਜਨਰਲ ਹਸਪਤਾਲ ਬਣੇਗਾ ਅਤੇ ਇਲਾਕੇ ਦੇ ਪਿੰਡਾਂ 'ਚ ਸਰਕਾਰੀ ਬੱਸ ਸੇਵਾ ਜਲਦੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਪੰਜਾਬ ਸਰਕਾਰ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਦੇ ਘੇਰੇ 'ਚ ਲੈਣ ਜਾ ਰਹੀ ਹੈ, ਜਿਸ ਤਹਿਤ ਹਰੇਕ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਬੀਮਾ ਮਿਲੇਗਾ ਜੋ ਕਿ ਕੈਸ਼ਲੈੱਸ ਹੋਵੇਗਾ।

ਇਸ ਮੌਕੇ ਸਟੇਜ ਸਕੱਤਰ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਤੰਗੌਰੀ ਤੇ ਹਰਜਿੰਦਰ ਸਿੰਘ ਰਾਏਪੁਰ ਕਲਾਂ, ਛੱਜਾ ਸਿੰਘ ਸਰਪੰਚ ਕੁਰੜੀ, ਜ਼ੋਰਾ ਸਿੰਘ ਸਰਪੰਚ ਮਨੌਲੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਭਗਤ ਰਾਮ ਸਰਪੰਚ ਸਨੇਟਾ, ਰਣਜੀਤ ਸਿੰਘ ਸਰਪੰਚ ਜਗਤਪੁਰਾ, ਚੌਧਰੀ ਰਾਮੇਸ਼ਵਰ ਸਰਪੰਚ ਗੋਬਿੰਦਗੜ੍ਹ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਦਵਿੰਦਰ ਸਿੰਘ ਸਰਪੰਚ ਕੁਰੜਾ, ਹਰਿੰਦਰ ਸਿੰਘ ਸਰਪੰਚ ਗਡਾਣਾ, ਸੋਮਨਾਥ ਸਾਬਕਾ ਸਰਪੰਚ ਗਡਾਣਾ, ਚੌਧਰੀ ਰਿਸ਼ੀਪਾਲ ਸਾਬਕਾ ਸਰਪੰਚ ਸਨੇਟਾ, ਗੁਰਵਿੰਦਰ ਸਿੰਘ ਬੜੀ, ਗੁਰਦੀਪ ਸਿੰਘ ਬਾਸੀ ਆਦਿ ਤੋਂ ਇਲਾਵਾ ਹੋਰ ਇਲਾਕਾ ਵਾਸੀ ਵੀ ਮੌਜੂਦ ਸਨ।