ਬਿਨਾਂ ਡਾਕਟਰ ਦੀ ਪਰਚੀ ਤੋਂ ਜਿਸ ਨੇ ਵੇਚੀ ਦਵਾਈ, ਹੋਵੇਗਾ ਲਾਇਸੰਸ ਰੱਦ !!!

Last Updated: Jun 16 2019 17:20
Reading time: 0 mins, 55 secs

ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦੀ ਹੀ ਮੈਡੀਕਲ ਨਸ਼ੇ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਜ਼ਿਲ੍ਹੇ ਭਰ ਵਿੱਚ ਸਿਹਤ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਆਪਣਾ ਸੇਲ-ਪਰਚੇਜ ਦਾ ਰਿਕਾਰਡ ਅਤੇ ਸਟਾਕ ਪੂਰੀ ਤਰ੍ਹਾਂ ਮੰਨਟੇਨ ਕਰਨਾ ਹੋਵੇਗਾ। ਜੇਕਰ ਸਟਾਕ ਦੀ ਵੈਰੀਫਿਕੇਸ਼ਨ ਦੌਰਾਨ ਕਿਸੇ ਕੋਲ ਸਹੀ ਸਟਾਕ ਨਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਮੂਹ ਕੈਮਿਸਟਾਂ ਨੂੰ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਜੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਡਰੱਗ ਇੰਸਪੈਕਟਰ ਨੇ ਕਿਹਾ ਕਿ ਸਾਰੇ ਦੁਕਾਨਦਾਰ ਆਪਣਾ ਰਿਕਾਰਡ ਪੂਰੀ ਤਰ੍ਹਾਂ ਨਾਲ ਅੱਪਡੇਟ ਰੱਖਣ, ਹੋ ਸਕੇ ਤਾਂ ਦਵਾਈਆਂ ਦੇ ਰਿਕਾਰਡ ਦਾ ਕੰਪਿਊਟਰਾਈਜੇਸ਼ਨ ਕਰਨ ਤਾਂ ਜੋ ਚੈਕਿੰਗ ਵਿੱਚ ਆਸਾਨੀ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੜਬੜੀ ਮਿਲਣ ਤੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਮੌਕੇ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਵਾਈ ਵਿਕਰੇਤਾ ਉਨ੍ਹਾਂ ਕੋਲ ਆਉਣ ਵਾਲੀਆਂ ਡਾਕਟਰੀ ਸਲਿਪਾਂ ਦੀ ਕਾਪੀ ਵੀ ਸੰਭਾਲ ਕੇ ਰੱਖਣ, ਜਿਸਦੇ ਆਧਾਰ ਤੇ ਮਰੀਜ਼ਾਂ ਨੂੰ ਦਵਾਈਆਂ ਦਿੰਦੇ ਹਨ ਤਾਂ ਜੋ ਚੈਕਿੰਗ ਦੌਰਾਨ ਇਨ੍ਹਾਂ ਸਲਿਪਾਂ ਦੀ ਵੀ ਚੈਕਿੰਗ ਕੀਤੀ ਜਾ ਸਕੇ।