ਕਾਲੀਆਂ ਪੱਟੀਆਂ ਬੰਨ੍ਹ ਕੇ ਡਾਕਟਰਾਂ ਨੇ ਕੀਤੀ ਹੜਤਾਲ, ਲੋਕ ਪਰੇਸ਼ਾਨ

Last Updated: Jun 17 2019 13:37
Reading time: 0 mins, 57 secs

ਕੋਲਕਾਤਾ ਵਿੱਚ ਬੀਤੇ ਦਿਨੀਂ ਕੁਝ ਲੋਕਾਂ ਵੱਲੋਂ ਇੱਕ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਜੂਨੀਅਰ ਡਾਕਟਰਾਂ ਨਾਲ ਕੀਤੀ ਗਈ ਕੁੱਟਮਾਰ ਦੇ ਵਿਰੋਧ ਵਿੱਚ ਅੱਜ ਸਾਰੇ ਡਾਕਟਰ ਦੇਸ਼ ਵਿਆਪੀ ਹੜਤਾਲ 'ਤੇ ਹਨ। ਜਿਸਦੇ ਚਲਦੇ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਆਪਣਾ ਕੰਮਕਾਜ ਬੰਦ ਰੱਖਕੇ ਪੱਛਮੀ ਬੰਗਾਲ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਿਰਾ ਕੀਤਾ ਜਿਸ ਵਿੱਚ ਨਿਜੀ ਹਸਪਤਾਲਾਂ ਦੇ ਡਾਕਟਰਾਂ ਅਤੇ ਲੈਬ ਟੈਕਨੀਸ਼ੀਅਨਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ।

ਜਾਣਕਾਰੀ ਮੁਤਾਬਿਕ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਬੋਹਰ ਦੇ ਸਕੱਤਰ ਡਾ. ਸਾਹਿਬ ਰਾਮ ਦੀ ਅਗਵਾਈ ਹੇਠ ਅੱਜ ਸਰਕਾਰੀ ਹਸਪਤਾਲ ਦੇ ਸਾਰੇ ਡਾਕਟਰ ਅਤੇ ਨਿਜੀ ਹਸਪਤਾਲਾਂ ਦੇ ਡਾਕਟਰ ਹਸਪਤਾਲ ਵਿੱਚ ਇਕੱਠੇ ਹੋਏ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੱਛਮੀ ਬੰਗਾਲ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ 'ਤੇ ਡਾਕਟਰਾਂ ਨੇ ਕਿਹਾ ਕਿ ਆਏ ਦਿਨ ਡਾਕਟਰਾਂ ਦੇ ਨਾਲ ਕੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹੇ ਵਿੱਚ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਕਰੜੇ ਕਨੂੰਨ ਬਣਾਉਣੇ ਚਾਹੀਦੇ ਹਨ।

ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਤੋਂ ਡਾਕਟਰਾਂ ਨਾਲ ਕੁੱਟਮਾਰ ਕਰਣ ਵਾਲੇ ਲੋਕਾਂ ਦੇ ਖ਼ਿਲਾਫ਼ ਕਰੜੀ ਕਾਰਵਾਈ ਕਰਣ ਦੀ ਮੰਗ ਕੀਤੀ। ਇਸ ਦੌਰਾਨ ਸਰਕਾਰੀ ਹਸਪਤਾਲ ਤੋਂ ਇਲਾਵਾ ਨਿਜੀ ਹਸਪਤਾਲਾਂ ਵਿੱਚ ਵੀ ਓ.ਪੀ.ਡੀ. ਬੰਦ ਰਹੀ ਜਿਸਦੇ ਚਲਦੇ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਣਾ ਪਿਆ।