ਹੁਣ ਅਵਾਰਾ ਪਸ਼ੂ ਨਹੀਂ ਬਣਨਗੇ ਕਿਸੇ ਦੀ ਮੌਤ ਦਾ ਕਾਰਨ(ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 19 2019 12:52
Reading time: 1 min, 48 secs

ਸੜਕਾਂ ਦੇ ਵਿਚਕਾਰ ਬੈਠੇ ਬੇਸਹਾਰਾ ਪਸ਼ੂ ਹੁਣ ਕਿਸੇ ਵੀ ਰਾਹਗੀਰ ਦੀ ਮੌਤ ਦਾ ਕਾਰਨ ਨਹੀਂ ਬਣ ਸਕਣਗੇ, ਕਿਉਂਕਿ ਜਿਲ੍ਹਾ ਪ੍ਰਸ਼ਾਸ਼ਨ ਨੇ ਅਜਿਹੇ ਪਸੂਆਂ ਨੂੰ ਫੜਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਨਾਲ ਸ਼ਹਿਰਵਾਸੀਆਂ ਨੂੰ ਬੇਸਹਾਰਾ ਅਵਾਰਾ ਪਸ਼ੂਆਂ ਦੀ ਵਜਾਂ ਕਾਰਨ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਵੱਲ ਜਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਕਦਮ ਪੁੱਟਦਿਆਂ ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ ਕੀਤਾ ਹੈ। ਚਾਰ ਰੋਜ਼ਾ ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਸਵੇਰੇ ਸਬਜ਼ੀ ਮੰਡੀ ਤੋਂ ਕੀਤੀ। ਇਸ ਦੌਰਾਨ ਗਠਿਤ ਕੀਤੀਆਂ ਗਈਆਂ ਟੀਮਾਂ ਨੇ ਵੱਖ-ਵੱਖ ਚਾਰ ਪੁਆਇੰਟਾਂ ਤੋਂ ਪਹਿਲੇ 100 ਤੋਂ ਵੱਧ ਪਸ਼ੂਆਂ ਨੂੰ ਫੜ ਕੇ ਕਮਾਲਪੁਰ ਗਊਸ਼ਾਲਾ ਭੇਜਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਕਪੂਰਥਲਾ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਜਾ ਰਿਹਾ ਹੈ ਅਤੇ ਸ਼ਹਿਰ ਦੀਆਂ ਸੜਕਾਂ 'ਤੇ ਹੁਣ ਕੋਈ ਵੀ ਆਵਾਰਾ ਪਸ਼ੂ ਘੁੰਮਦਾ ਨਜ਼ਰ ਨਹੀਂ ਆਵੇਗਾ। 

ਉਨ੍ਹਾਂ ਦੱਸਿਆ ਕਿ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸ਼ਹਿਰ ਵਿੱਚੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਸ਼ੂਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸ਼ਹਿਰ ਦੇ ਚਾਰ ਪੁਆਇੰਟਾਂ ਤੋਂ ਪਸ਼ੂਆਂ ਨੂੰ ਫੜ ਰਹੀਆਂ ਹਨ, ਜਿਨਾਂ ਵਿੱਚ ਸਬਜ਼ੀ ਮੰਡੀ, ਜਲੌਖਾਨਾ, ਮਸੀਤ ਚੌਕ ਅਤੇ ਅੰਮ੍ਰਿਤਸਰ ਚੁੰਗੀ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰ ਦੇ ਸਾਰੇ ਆਵਾਰਾ ਪਸ਼ੂਆਂ ਨੂੰ ਫੜ ਕੇ ਕਮਾਲਪੁਰ ਗਊਸ਼ਾਲਾ ਲਿਆਂਦਾ ਜਾਵੇਗਾ, ਜਿਥੇ ਇਨ੍ਹਾਂ ਦੀ ਸਾਂਭ-ਸੰਭਾਲ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਉਹ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਇਕੱਲਿਆਂ ਬਾਹਰ ਨਾ ਨਿਕਲਣ ਦੇਣ। 

ਅਜਿਹੀ ਮੁਹਿੰਮ ਦੀ ਸ਼ਹਿਰ ਵਾਸੀਆਂ ਨੂੰ ਬਹੁਤ ਲੋੜ ਸੀ, ਕਿਉਂਕਿ ਇਨ੍ਹਾਂ ਅਵਾਰਾ ਪਸ਼ੂਆਂ ਦੇ ਕਾਰਨ ਕਈ ਵੱਡੇ ਹਾਦਸੇ ਹੋ ਚੁੱਕੇ ਹਨ ਅਤੇ ਕਈ ਲੋਕ ਆਪਣੀਆਂ ਜਾਨਾਂ ਵੀ ਗੰਵਾ ਚੁੱਕੇ ਹਨ। ਸ਼ਹਿਰਵਾਸੀਆਂ ਨੇ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ। ਇਸ ਮੁਹਿੰਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ, ਮਨਜੀਤ ਸਿੰਘ ਨਿੱਝਰ, ਈ. ਓ ਆਦਰਸ਼ ਸ਼ਰਮਾ, ਨਗਰ ਕੌਂਸਲ ਦੇ ਉੱਪ ਪ੍ਰਧਾਨ ਦਵਿੰਦਰ ਪਾਲ ਸਿੰਘ ਰੰਗਾ, ਨਰਿੰਦਰ ਸਿੰਘ ਮਨਸੂ, ਵਿਨੋਦ ਸੂਦ, ਦਵਿੰਦਰ ਪਾਲ ਸਿੰਘ ਆਹੂਜਾ, ਸਾਹਿਲ ਓਬਰਾਏ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ।