ਆਖ਼ਿਰ ਕਦੋਂ ਹੋਵੇਗਾ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦਾ ਹੱਲ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 20 2019 15:28
Reading time: 1 min, 7 secs

ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਲ ਪੰਜਾਬ ਆਂਗਣਵਾੜੀ ਯੂਨੀਅਨ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਸਰਕਾਰ ਦੇ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਦੇ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸਦੇ ਕਾਰਨ ਮਜ਼ਬੂਰਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੇ ਖੂਨ ਦੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਨਾਂਅ 'ਤੇ ਮੰਗ ਪੱਤਰ ਲਿਖੇ ਜਾ ਰਹੇ ਹਨ।

ਜਾਣਕਾਰੀ ਦਿੰਦੀਆਂ ਹੋਇਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਇੱਕ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਜੋ ਕੇਂਦਰ ਸਰਕਾਰ ਦੇ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਸੀ, ਉਸ ਵਿੱਚ ਕੈਪਟਨ ਸਰਕਾਰ ਦੇ ਵੱਲੋਂ ਆਪਣਾ ਬਣਦਾ ਹਿੱਸਾ ਨਹੀਂ ਪਾਇਆ ਜਾ ਰਿਹਾ। ਜਿਸਦੇ ਕਾਰਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ।

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਹੋਇਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਲੋਂ ਕੀਤੀ ਗਈ ਤਨਖਾਹਾਂ ਵਿੱਚ ਵਾਧੇ ਦੀ ਰਕਮ ਤੁਰੰਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਹੀਂ ਕੀਤਾ ਜਾਂਦਾ ਤਾਂ ਉਹ ਮਜ਼ਬੂਰਨ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੀਆਂ। ਦੇਖਣਾ ਹੁਣ ਇਹ ਹੋਵੇਗਾ ਕਿ ਕੈਪਟਨ ਸਰਕਾਰ ਕਦੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਦੇ ਵੱਲ ਧਿਆਨ ਮਾਰਦੀ ਹੈ?