ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ: ਏਡੀਸੀ

Last Updated: Jun 20 2019 17:55
Reading time: 1 min, 12 secs

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਬ-ਡਵੀਜ਼ਨ ਪੱਧਰ ਤੇ ਦਫ਼ਤਰ ਬੀ.ਡੀ.ਪੀ.ਓ ਜ਼ੀਰਾ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਕਾਊਂਟਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਵੱਖ-ਵੱਖ ਸਰਕਾਰੀ ਸਕੀਮਾਂ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਹ ਕੈਂਪ ਲਗਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਾਗ਼ਬਾਨੀ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ, ਬਿਜਲੀ ਬੋਰਡ, ਲੇਬਰ ਵਿਭਾਗ, ਉਦਯੋਗ ਵਿਭਾਗ, ਲੀਡ ਬੈਂਕ ਅਤੇ ਸਿਹਤ ਵਿਭਾਗ ਆਦਿ ਵੱਲੋਂ ਆਪੋ-ਆਪਣੇ ਸਟਾਲ ਲਗਾ ਕੇ ਪ੍ਰੀ-ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ, ਸ਼ਗਨ ਸਕੀਮ, ਪਖਾਨਾ ਬਣਾਉਣ, ਪਾਣੀ ਦੇ ਕੁਨੈਕਸ਼ਨ, ਨਰੇਗਾ, ਪੀ.ਐਮ.ਏ.ਵਾਈ. ਸਕੀਮ, ਬੈਂਕ ਦੀਆਂ ਪੈਨਸ਼ਨ ਸਕੀਮਾਂ, ਅਪਾਹਜਤਾ ਸਰਟੀਫਿਕੇਟ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ-ਦਾਲ ਸਕੀਮ, ਬੇਰੁਜ਼ਗਾਰੀ ਭੱਤਾ, ਘਰ-ਘਰ ਰੋਜ਼ਗਾਰ ਯੋਜਨਾ, ਬੁਢਾਪਾ, ਵਿਧਵਾ, ਅਪਾਹਜਤਾ ਪੈਨਸ਼ਨ, ਬੱਸ ਪਾਸ, ਅਨਾਥ ਬੱਚੇ ਆਦਿ ਸਕੀਮਾਂ ਦੇ ਲਾਭਪਾਤਰੀਆਂ ਦੇ ਮੌਕੇ ਤੇ ਫਾਰਮ ਭਰ ਕੇ ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਕੈਂਪ ਦੌਰਾਨ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਅਤੇ ਵਾਤਾਵਰਨ ਬਚਾਉਣ ਹਿੱਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫਸਰ ਅਸ਼ੋਕ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।