ਆਬਾਦੀ ਕੰਟਰੋਲ 'ਚ ਹੋਰ ਸੂਬਿਆਂ ਲਈ ਰੋਲ ਮਾਡਲ ਬਣ ਸਕਦੈ ਪੰਜਾਬ- ਸਿਹਤ ਮੰਤਰੀ ਸਿੱਧੂ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 11 2019 18:57
Reading time: 2 mins, 36 secs

"ਸੂਬੇ ਦੀ ਹਰ ਸਰਕਾਰੀ ਸੰਸਥਾ ਵਿੱਚ ਲੋੜੀਂਦੀਆਂ ਦਵਾਈਆਂ ਪੂਰੀਆਂ ਕਰਨਾ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਕੁਝ ਥਾਈਂ ਸਰਕਾਰੀ ਡਾਕਟਰ ਪ੍ਰਾਈਵੇਟ ਦੁਕਾਨਾਂ ਤੋਂ ਮਿਲਣ ਵਾਲੀਆਂ ਮਹਿੰਗੀਆਂ ਦਵਾਈਆਂ ਦੀ ਸਿਫ਼ਾਰਸ਼ ਕਰ ਦਿੰਦੇ ਹਨ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾਕਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਹਸਪਤਾਲ ਵਿੱਚ ਹੀ ਮਿਲਣ ਵਾਲੀਆਂ ਦਵਾਈਆਂ ਲਿਖਣ ਨੂੰ ਤਰਜੀਹ ਦੇਣ।" ਉਪਰੋਕਤ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ਵ ਆਬਾਦੀ ਦਿਵਸ ਮੌਕੇ ਸਥਾਨਕ ਰਾਜ ਸਿਹਤ ਅਤੇ ਪਰਿਵਾਰ ਭਲਾਈ ਸੰਸਥਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸਾਂਝੇ ਕੀਤੇ।

ਸਮਾਰੋਹ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਇੱਕ ਨੰਬਰ ਸੂਬਾ ਬਣਾਇਆ ਜਾਵੇ ਜਿਸਦੀ ਪ੍ਰਾਪਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਨਦੇਹੀ ਨਾਲ ਯਤਨ ਕਰ ਰਹੇ ਹਨ। ਆਬਾਦੀ ਕੰਟਰੋਲ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਕਾਫ਼ੀ ਬਿਹਤਰ ਹੈ। ਸੂਬੇ ਚ ਪਿਛਲੇ ਕੁਝ ਸਮੇਂ ਦੌਰਾਨ ਆਬਾਦੀ ਵਧਣ ਦੀ ਰਫ਼ਤਾਰ ਕਾਫ਼ੀ ਢਿੱਲੀ ਪਈ ਹੈ, ਜਿਸਦਾ ਸਿਹਰਾ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ ਖ਼ਾਸ ਕਰਕੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਬਾਦੀ ਦਾ ਬੋਝ ਸਾਰੀ ਧਰਤੀ ਤੇ ਹੈ, ਇਸ ਲਈ ਜੇਕਰ ਅਸੀਂ ਹੋਰ ਜ਼ਿਆਦਾ ਲਗਨ ਅਤੇ ਮਿਹਨਤ ਨਾਲ ਯਤਨ ਕਰੀਏ ਤਾਂ ਸਾਡਾ ਸੂਬਾ ਹੋਰਾਂ ਲਈ ਰੋਲ ਮਾਡਲ ਬਣ ਸਕਦਾ ਹੈ।

ਸਿਹਤ ਮੰਤਰੀ ਸਿੱਧੂ ਨੇ 'ਪਰਿਵਾਰ ਨਿਯੋਜਨ ਨਾਲ ਨਿਭਾਓ ਜ਼ਿੰਮੇਵਾਰੀ, ਮਾਂ ਤੇ ਬੱਚੇ ਦੀ ਤੰਦਰੁਸਤੀ ਦੀ ਪੂਰੀ ਤਿਆਰੀ' ਨਾਅਰੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਆਬਾਦੀ ਕੰਟਰੋਲ ਦੇ ਮੈਡੀਕਲ ਤਰੀਕਿਆਂ ਸਬੰਧੀ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਜਾਗਰੂਕ ਕਰਨ ਦੀ ਜ਼ਰੂਰਤ ਹੈ। ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਨੂੰ ਆਬਾਦੀ ਵਧਣ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਦੇ ਹੋਏ ਛੋਟਾ ਪਰਿਵਾਰ ਰੱਖਣ ਲਈ ਪ੍ਰੇਰੀਏ। ਉਨ੍ਹਾਂ ਅਹਿਮ ਐਲਾਨ ਕਰਦੇ ਕਿਹਾ ਕਿ ਸਿਹਤ ਵਿਭਾਗ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਸ਼ਾਬਾਸ਼ੀ ਵੀ ਦੇਣੀ ਬਣਦੀ ਹੈ, ਇਸ ਲਈ ਭਵਿੱਖ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਹੋਰ ਮੁਲਾਜ਼ਮਾਂ ਨੂੰ ਪੁਰਸਕਾਰ ਨਾਲ ਨਵਾਜਦੇ ਹੋਏ ਸੂਬਾ ਪੱਧਰ ਤੇ ਸਨਮਾਨਿਤ ਕੀਤਾ ਜਾਵੇਗਾ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਆਬਾਦੀ ਕੰਟਰੋਲ ਦੇ ਮਾਮਲੇ ਵਿੱਚ ਪੰਜਾਬ ਮੂਹਰਲੀ ਕਤਾਰ ਦਾ ਸੂਬਾ ਹੈ, ਫਿਰ ਵੀ ਹਾਲੇ ਲੰਮਾ ਪੈਂਡਾ ਪਿਆ ਹੈ। ਉਨ੍ਹਾਂ ਦੱਸਿਆ ਕਿ 11 ਤੋਂ 24 ਜੁਲਾਈ ਤੱਕ ਆਬਾਦੀ ਕੰਟਰੋਲ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਹਰ ਸ਼ਹਿਰ ਅਤੇ ਪਿੰਡ ਵਿੱਚ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹ ਜਾਣਦੇ ਹਨ ਕਿ ਸਿਹਤ ਵਿਭਾਗ ਵਿੱਚ ਸਟਾਫ਼ ਦੀ ਕਮੀ ਹੈ ਅਤੇ ਸਾਡੇ ਕੋਲ ਸੀਮਤ ਸਾਧਨ ਹਨ। ਪਰ ਇਸਦੇ ਬਾਵਜੂਦ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਸਮਾਰੋਹ ਦੌਰਾਨ ਪਰਿਵਾਰ ਨਿਯੋਜਨ ਸਬੰਧੀ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਸਿਹਤ ਮੰਤਰੀ ਨੇ ਆਬਾਦੀ ਕੰਟਰੋਲ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਡਾਕਟਰਾਂ, ਏਐਨਐਮਜ਼ ਅਤੇ ਆਸ਼ਾ ਵਰਕਰਾਂ ਨੂੰ ਟਰਾਫ਼ੀਆਂ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਸਮਾਰੋਹ ਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਡਾਇਰੈਕਟਰ ਸਿਹਤ ਵਿਭਾਗ ਡਾ. ਜਸਪਾਲ ਕੌਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ, ਡਾਇਰੈਕਟਰ ਐਨਐਚਐਮ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਪੀਐਚਐਸਸੀ ਡਾ. ਮੀਨਾ ਹਰਦੀਪ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਨੋਡਲ ਅਫ਼ਸਰ ਡਾ. ਹੰਸਪ੍ਰੀਤ ਅਤੇ ਡਾ. ਰੁਪਿੰਦਰ ਕੌਰ ਵਾਲੀਆ ਆਦਿ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।