ਬਰਸਾਤੀ ਪਾਣੀ ਤੋਂ ਪ੍ਰਭਾਵਿਤ ਪੇਂਡੂ ਇਲਾਕਿਆਂ ਦਾ ਐਮਐਲਏ ਅਤੇ ਡੀ.ਸੀ ਨੇ ਕੀਤਾ ਦੌਰਾ

Last Updated: Jul 16 2019 12:09
Reading time: 1 min, 39 secs

ਸੂਬੇ ਅੰਦਰ ਬੀਤੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਦੇ ਚੱਲਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਚ ਪੈਂਦੇ ਚੋਆਂ ਅਤੇ ਨਾਲਿਆਂ ਚ ਹੜ੍ਹਾਂ ਵਰਗੀ ਬਣਨ ਵਾਲੀ ਸਥਿਤੀ ਦੇ ਨਾਲ ਨਜਿੱਠਣ, ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਅਤੇ ਬਰਸਾਤੀ ਪਾਣੀ ਤੋਂ ਪ੍ਰਭਾਵਿਤ ਪੇਡੂ ਇਲਾਕਿਆਂ ਦਾ ਜਾਇਜ਼ਾ ਲੈਣ ਸਬੰਧੀ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਸਾਧੂਗੜ੍ਹ, ਖੇੜਾ, ਰਜਿੰਦਰਗੜ੍ਹ, ਚੁੰਨੀ ਮਾਜਰਾ ਅਤੇ ਪਿੰਡ ਮੀਆਂਪੁਰ ਨਜ਼ਦੀਕ ਭਾਖੜਾ ਨਹਿਰ ਦਾ ਜਾਇਜ਼ਾ ਲਿਆ ਗਿਆ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਸਬੰਧੀ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਸਮੱਸਿਆ ਦਾ ਤੁਰੰਤ ਨਿਪਟਾਰਾ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ।  

ਪਿੰਡਾਂ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫ਼ਿਲਹਾਲ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਕਿਸੇ ਪ੍ਰਕਾਰ ਦੀ ਚਿੰਤਾ ਨਹੀਂ ਕਰਨੀ ਚਾਹੀਦੀ ਹੈ। ਸੰਭਾਵਿਤ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਿਸ ਕਿਸੇ ਥਾਂ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਦਿੱਕਤ ਆਈ ਹੈ, ਉੱਥੇ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਹੜ੍ਹਾਂ ਦੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਕਿਸੇ ਐਮਰਜੈਂਸੀ ਦੀ ਹਾਲਤ ਚ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 01763-232838 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਅਧਿਕਾਰੀਆਂ ਵੱਲੋਂ ਫਾਟਕ ਮਾਜਰੀ ਅੰਡਰ ਪਾਸ ਅਤੇ ਹੋਰ ਨਜ਼ਦੀਕੀ ਖੇਤਰਾਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਤਾਂ ਕਿ ਲੋਕਾਂ ਦੀਆਂ ਮੁਸ਼ਕਲਾਂ ਤੁਰੰਤ ਹੱਲ ਹੋ ਸਕਣ। ਇਸ ਮੌਕੇ ਅਧਿਕਾਰੀਆਂ ਨੇ ਪਿੰਡ ਮੀਆਂਪੁਰ ਨੇੜੇ ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ਦਾ ਵੀ ਜਾਇਜ਼ਾ ਲਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਨਹਿਰ ਦੇ ਕਿਨਾਰਿਆਂ ਦੀ ਜ਼ਰੂਰੀ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸਡੀਐਮ ਫ਼ਤਿਹਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਤਹਿਸੀਲਦਾਰ ਗੁਰਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।