ਪੌਦੇ ਲਗਾਉਣ ਦੀ ਮੁਹਿੰਮ ਨੇ ਫੜਿਆ ਜ਼ੋਰ, ਲੋਕਾਂ ਨੂੰ ਵਾਤਾਵਰਣ ਸਾਫ਼ ਸੁਥਰਾ ਰੱਖਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ

Last Updated: Jul 16 2019 17:22
Reading time: 1 min, 0 secs

ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਰਾਜ ਭਰ ਦੇ ਪਿੰਡਾਂ ਅੰਦਰ 550-550 ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਜ਼ਿਲ੍ਹੇ ਗੁਰਦਾਸਪੁਰ ਅੰਦਰ ਵੀ ਸਮੂਹ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਤੇ ਲੋਕਾਂ ਵੱਲੋਂ ਪੌਦੇ ਲਗਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਤੇਜਿੰਦਰਪਾਲ ਸਿੰਘ ਸੰਧੂ (ਜ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਸਮੂਹ ਵਿਭਾਗਾਂ ਵੱਲੋਂ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਦੇ ਮੰਤਵ ਨਾਲ ਪਿੰਡਾਂ ਤੇ ਸ਼ਹਿਰਾਂ ਅੰਦਰ ਪੌਦੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਪੌਦੇ ਲਗਾਉਣ ਦੇ ਨਾਲ ਪੌਦਿਆਂ ਦੀ ਸੰਭਾਲ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਮੂਹ ਬੀ.ਡੀ.ਪੀ.ਓਜ਼ ਵੱਲੋਂ ਪਿੰਡਾਂ ਅੰਦਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਵੱਧ ਤੋਂ ਪੌਦੇ ਲਗਾਉਣ, ਪਾਣੀ ਦੀ ਦੁਰਵਰਤੋਂ ਨੂੰ ਰੋਕਣ, ਪਲਾਸਟਿਕ ਦੇ ਪੋਲੀਥੀਨ ਨਾ ਵਰਤੇ ਜਾਣ ਅਤੇ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਸਾਂਝੀ ਮੁਹਿੰਮ ਵਿੱਢੀ ਗਈ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਨਾਲ ਲੋਕ ਵੀ ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ।