ਡਿਪਟੀ ਕਮਿਸ਼ਨਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Last Updated: Jul 18 2019 12:52
Reading time: 1 min, 0 secs

ਪੰਜਾਬ ਸਰਕਾਰ ਦੇ "ਘਰ-ਘਰ ਰੋਜ਼ਗਾਰ" ਮਿਸ਼ਨ ਤਹਿਤ ਜਿਲ੍ਹੇ ਵਿੱਚ ਪੰਜਵਾਂ ਮੈਗਾ ਰੋਜ਼ਗਾਰ ਮੇਲਾ ਸਤੰਬਰ ਮਹੀਨੇ ਕਰਵਾਇਆ ਜਾਵੇਗਾ, ਜਿਸ ਵਿੱਚ 3500 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ:ਡੀ.ਪੀ.ਐਸ ਖਰਬੰਦਾ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕੰਪਨੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕੰਪਨੀਆਂ ਭਾਗ ਲੈ ਕੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਤ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਵਿਭਾਗਾਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਅਜਿਹੇ ਨੌਜਵਾਨਾਂ ਦੀ ਹੁਣ ਤੋਂ ਹੀ ਸ਼ਨਾਖਤ ਕਰਕੇ ਉਨ੍ਹਾਂ ਨੂੰ "ਘਰ-ਘਰ ਰੋਜ਼ਗਾਰ ਪੋਰਟਲ" ਉੱਤੇ ਰਜਿਸਟਰ ਕਰਨ ਲਈ ਆਖਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਅਦਾਰਿਆਂ ਦੇ ਨੁਮਾਇੰਦਿਆਂ ਤੋਂ ਰੁਜ਼ਗਾਰ ਮੇਲੇ ਸਬੰਧੀ ਸੁਝਾਅ ਵੀ ਲਏ। ਉਨ੍ਹਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨਵੇਂ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਡੀ.ਐਫ.ਐਸ.ਸੀ ਸਰਤਾਜ ਸਿੰਘ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀਮਤੀ ਦਰਬੀਰ ਰਾਜ, ਡਾ.ਸੰਦੀਪ ਭੋਲਾ, ਲੇਬਰ ਇੰਸਪੈਕਟਰ ਕੁੰਵਰ ਡਾਵਰ ਅਤੇ ਅਮਿਤ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਦੇ ਪ੍ਰਤੀਨਿਧੀ ਹਾਜ਼ਰ ਸਨ।