ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ, ਸਰਕਾਰ ਨੌਕਰੀ ਖੋਹਣ 'ਤੇ ਤੁਲੀ

Last Updated: Jul 20 2019 17:18
Reading time: 1 min, 12 secs

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ ਦੀ ਪ੍ਰਧਾਨਗੀ ਹੇਠ ਹੋਈ। ਆਪਣੇ ਸੰਬੋਧਨ ਦੌਰਾਨ ਮੀਤ ਪ੍ਰਧਾਨ ਪੰਜਾਬ ਰੁਪਿੰਦਰ ਸਿੰਘ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮਿਲੀਭੁਗਤ ਨਾਲ ਪੇਂਡੂ ਜਲ ਘਰਾਂ ਦਾ ਜਬਰਨ ਪੰਚਾਇਤੀ ਕਰਨ ਕੀਤਾ ਜਾ ਰਿਹਾ ਹੈ, ਵਰਲਡ ਬੈਂਕ ਦੀਆਂ ਟੀਮਾਂ ਨੂੰ ਨਾਲ ਲੈ ਕੇ ਪਿੰਡ ਦੇ ਨਵੇਂ ਬਣੇ ਸਰਪੰਚਾਂ ਨੂੰ ਗੁੰਮਰਾਹ ਕਰਕੇ ਅਤੇ ਤਰ੍ਹਾਂ ਤਰ੍ਹਾਂ ਦੇ ਲਾਲਚ ਦੇ ਕੇ ਵੱਡੇ ਪੱਧਰ 'ਤੇ ਜਲ ਘਰਾਂ ਦਾ ਪੰਚਾਇਤੀ ਕਰਨ ਕੀਤਾ ਜਾ ਰਿਹਾ ਹੈ, ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਸਰਕਾਰ ਘਰ ਘਰ ਬੇਰੁਜ਼ਗਾਰੀ ਪੈਦਾ ਕਰ ਰਹੀ ਹੈ। 

ਦੱਸ ਦੇਈਏ ਕਿ ਜਲ ਸਪਲਾਈ ਵਰਕਰ ਪਿਛਲੇ 10 ਸਾਲਾਂ ਤੋਂ ਲਗਾਤਾਰ ਥੋੜ੍ਹੀਆਂ ਤਨਖ਼ਾਹਾਂ 'ਤੇ ਆਪਣੀ ਸੇਵਾ ਨਿਭਾ ਰਹੇ ਹਨ, ਪਰ ਹੁਣ ਵਰਕਰਾਂ ਨੂੰ ਪੱਕੇ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਦਾ ਰੁਜ਼ਗਾਰ ਖੋਹ ਰਹੀ ਹੈ। ਇਸ ਮੌਕੇ ਸਰਕਲ ਪ੍ਰਧਾਨ ਬਲਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਜੇ.ਈ ਜਾਂ ਐੱਸਡੀਓ ਵਰਲਡ ਬੈਂਕ ਦੀਆਂ ਟੀਮਾਂ ਲੈ ਕੇ ਪਿੰਡਾਂ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਦਾ ਉਸੇ ਪਿੰਡ ਵਿੱਚ ਕਾਲੀਆਂ ਝੰਡੀਆਂ ਨਾਲ ਵਰਕਰਾਂ ਅਤੇ ਪਰਿਵਾਰਾਂ ਬੱਚਿਆਂ ਸਮੇਤ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਸੁਖਦੇਵ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਸਲਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪਿੰਦਰ ਸਿੰਘ, ਪਰਵਿੰਦਰ ਸਿੰਘ, ਸੁੱਚਾ ਸਿੰਘ, ਸਤਪਾਲ ਸਿੰਘ, ਹਰਜਿੰਦਰ ਸਿੰਘ ਮੋਮੀ ਜਰਨਲ ਸਕੱਤਰ, ਸੁਰਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।