ਮੱਲਾਂਵਾਲਾ ਪੁਲਿਸ ਦੇ ਵੱਲੋਂ ਛਾਪੇਮਾਰੀ ਦੇ ਦੌਰਾਨ ਇੱਕ ਸਮਗਲਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਵਿਅਕਤੀ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਦੇ ਸਬੰਧ ਵਿੱਚ ਮੇਨ ਚੌਂਕ ਮੱਲਾਂਵਾਲਾ ਵਿਖੇ ਮੌਜੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਿਰ ਨੇ ਸੂਚਨਾ ਦਿੱਤੀ ਕਿ ਗੁਰਵਿੰਦਰ ਸਿੰਘ ਉਰਫ ਲਾਡੀ ਨਾਮ ਦਾ ਸਮਗਲਰ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਉਕਤ ਸਮਗਲਰ ਨਸ਼ੀਲੀਆਂ ਗੋਲੀਆਂ ਵੇਚਣ ਜਾ ਰਿਹਾ ਹੈ।
ਪੁਲਿਸ ਨੇ ਦਾਅਵਾ ਕਰਦਿਆਂ ਹੋਇਆ ਦੱਸਿਆ ਕਿ ਮੁਖ਼ਬਿਰ ਤੋਂ ਸੂਚਨਾ ਮਿਲਦਿਆਂ ਸਾਰ ਜਦੋਂ ਉਕਤ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ 500 ਨਸ਼ੀਲੀਆਂ ਗੋਲੀਆਂ ਸਮੇਤ ਸਮਗਲਰ ਲਾਡੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਗੁਰਵਿੰਦਰ ਸਿੰਘ ਉਰਫ ਲਾਡੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਚੰਗਾਲੀ ਕਦੀਮ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।