ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

Last Updated: Aug 09 2019 17:05
Reading time: 1 min, 31 secs

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਫ਼ਤਿਹਗੜ੍ਹ ਸਾਹਿਬ ਵੱਲੋਂ ਸਾਂਝੇ ਤੌਰ ਤੇ ਗੋਬਿੰਦਗੜ੍ਹ ਪਬਲਿਕ ਕਾਲਜ, ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਕੈਂਪ ਅਤੇ ਕਰੀਅਰ ਕਾਨਫ਼ਰੰਸ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਸੈਂਟਰ ਦੀ ਮਨੋਰੋਗ ਮਾਹਿਰ ਡਾ. ਪ੍ਰੀਤਜੋਤ ਕੌਰ ਨੇ ਕਾਲਜ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮਾਡਲ ਕਰੀਅਰ ਸੈਂਟਰ ਦੇ ਕਰੀਅਰ ਕਾਊਂਸਲਰ ਅਨੁਜ ਦੱਤਾ ਨੇ ਵਿਦਿਆਰਥੀਆਂ ਨੂੰ ਕਾਰੋਬਾਰ ਬਿਊਰੋ ਦੀ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ।

ਇਸ ਮੌਕੇ ਮਨੋਰੋਗ ਮਾਹਿਰ ਡਾ. ਪ੍ਰੀਤਜੋਤ ਕੌਰ ਨੇ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਸੈਂਟਰ ਖੋਲੇ ਗਏ ਹਨ। ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਚ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ਼ ਨਸ਼ਿਆਂ ਦੇ ਆਦੀ ਵਿਅਕਤੀ ਨੂੰ ਹੀ ਨੁਕਸਾਨ ਪਹੁੰਚਾਉਂਦੇ ਹਨ ਸਗੋਂ ਨਸ਼ਿਆਂ ਦੀ ਗ੍ਰਿਫ਼ਤ ਚ ਫਸੇ ਨੌਜਵਾਨਾਂ ਦੇ ਪਰਿਵਾਰ ਨੂੰ ਵੀ ਇਸਦੇ ਮਾੜੇ ਸਿੱਟੇ ਭੁਗਤਣੇ ਪੈਂਦੇ ਹਨ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਜਾਂ ਕਰੀਅਰ ਸੈਂਟਰ ਵੱਲੋਂ ਕੈਂਪ ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਯੰਗ ਪ੍ਰੋਫੈਸ਼ਨਲ ਰਾਹੁਲ ਵੋਹਰਾ ਅਤੇ ਕਰੀਅਰ ਕਾਊਂਸਲਰ ਅਨੁਜ ਦੱਤਾ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਨੌਜਵਾਨਾਂ ਦੀ ਰਜਿਸਟ੍ਰੇਸ਼ਨ, ਪਲੇਸਮੈਂਟ ਡਰਾਈਵਜ਼, ਰੋਜ਼ਗਾਰ ਮੇਲੇ, ਵਿਅਕਤੀਗਤ ਕਾਊਂਸਲਿੰਗ, ਗਰੁੱਪ ਕਾਊਂਸਲਿੰਗ, ਸਾਇਕੋਮੈਟ੍ਰਿਕ ਟੈਸਟ ਅਤੇ ਸਵੈ ਰੋਜ਼ਗਾਰ ਦੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇ ਕੇ ਨੌਜਵਾਨਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੋਪਾਲ ਕ੍ਰਿਸ਼ਨ, ਭਾਰਤ ਭੂਸ਼ਣ ਤੋਂ ਇਲਾਵਾ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਚ ਵਿਦਿਆਰਥੀ ਮੌਜੂਦ ਸਨ।