ਆਜ਼ਾਦੀ ਦਿਵਸ ਸਮਾਗਮ ਸਬੰਧੀ ਵਿਦਿਆਰਥੀਆਂ ਨੇ ਕੀਤੀ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ

Last Updated: Aug 13 2019 16:17
Reading time: 1 min, 25 secs

ਦੇਸ਼ ਦੇ 73ਵੇਂ ਆਜ਼ਾਦੀ ਦਿਵਸ ਮੌਕੇ ਸਪੋਰਟਸ ਕੰਪਲੈਕਸ ਮਾਧੋਪੁਰ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ ਪਰੇਡ ਸਬੰਧੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਕੁਮਾਰ ਗੋਇਲ ਨੇ ਪੁਲਿਸ ਪਰੇਡ ਦਾ ਮੁਆਇਨਾ ਕਰਨ ਦੇ ਨਾਲ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਸ਼੍ਰੀਮਤੀ ਅਮਨੀਤ ਕੌਂਡਲ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਚ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸਾਧੂ ਸਿੰਘ ਧਰਮਸੋਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਤੇ ਪਰੇਡ ਦਾ ਨਿਰੀਖਣ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਬੰਧੀ ਸਮਾਗਮ ਦੇਸ਼ ਭਗਤੀ ਤੇ ਆਧਾਰਤ ਹੋਵੇਗਾ ਅਤੇ ਦੇਸ਼ ਭਗਤੀ ਦੇ ਅਨੇਕਾਂ ਰੰਗਾਂ ਦੀਆਂ ਵੰਨਗੀਆਂ ਦੇਖਣ ਨੂੰ ਮਿਲਣਗੀਆਂ।

ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਕੈਡਿਟਸ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ 'ਚ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਿਲੀ ਆਜ਼ਾਦੀ ਦੇ ਜਸ਼ਨਾਂ 'ਚ ਹਰੇਕ ਵਰਗ ਦੇ ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ, ਜੋ ਕਿ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਪੀ (ਐਚ) ਨਵਨੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਐਸਡੀਐਮ ਫ਼ਤਹਿਗੜ ਸਾਹਿਬ ਡਾ.ਸੰਜੀਵ ਕੁਮਾਰ, ਡੀਐਸਪੀ (ਐਚ) ਹਰਦੀਪ ਸਿੰਘ ਬਡੂੰਗਰ, ਪਰੇਡ ਕਮਾਂਡਰ ਡੀਐਸਪੀ ਅਤੁੱਲ ਸੋਨੀ ਆਦਿ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਚ ਸਕੂਲ, ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ।