ਗੁਰਦਾਸਪੁਰ 'ਚ 15 ਅਗਸਤ ਨੂੰ ਅਰੁਣਾ ਚੌਧਰੀ ਕੈਬਨਿਟ ਮੰਤਰੀ ਲਹਿਰਾਉਣਗੇ ਕੌਮੀ ਤਿਰੰਗਾ

Last Updated: Aug 13 2019 17:25
Reading time: 2 mins, 13 secs

15 ਅਗਸਤ ਨੂੰ ਮਨਾਏ ਜਾ ਰਹੇ 73ਵੇਂ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਨੇ ਚੰਗਾ ਰੰਗ ਬੰਨਿਆ। ਇਸ ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵੱਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਗੁਰਦਾਸਪੁਰ ਸਵਰਨਦੀਪ ਸਿੰਘ ਵੀ ਮੌਜੂਦ ਸਨ। ਪਰੇਡ ਕਮਾਂਡਰ ਦੀ ਅਗਵਾਈ ਮਹੇਸ਼ ਕੁਮਾਰ ਡੀ.ਐਸ.ਪੀ ਨੇ ਕੀਤੀ, ਜਿਸ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੋਜੀ, ਐਨ.ਸੀ.ਸੀ. ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।

ਸਭਿਆਚਾਰਕ ਪ੍ਰੋਗਰਾਮ ਤੋਂ ਪਹਿਲ ਪੀ.ਟੀ. ਸ਼ੋਅ ਹੋਇਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਸ਼ਾਮਲ ਸਨ। ਉਪਰੰਤ ਨਨ੍ਹੇ-ਮੁਨੇ ਸਕੂਲੀ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪੋ-ਆਪਣਾ ਹੁਨਰ ਬਿਖੇਰਿਆ। ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ 'ਤੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ 'ਤੇ ਅਰੁਣਾ ਚੌਧਰੀ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ ਅਤੇ ਉਹ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਿਨ ਜਿੱਥੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉੱਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਖੇਡ ਸਟੇਡੀਅਮ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਜ਼ਾਦੀ ਦਿਵਸ ਵਿਚ ਹਿੱਸਾ ਲੈ ਰਹੇ ਸਕੂਲਾਂ ਟੀਮਾਂ ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਦੇ ਮਹੱਤਵਪੂਰਨ ਦਿਹਾੜੇ 'ਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਹਾਨ ਦਿਵਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ 'ਤੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ।
     
ਇਸ ਮੌਕੇ ਸਰਵ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਦੀਨਾਨਗਰ, ਡਾ. ਦੀਪਕ ਭਾਟੀਆ ਐਸ.ਡੀ.ਐਮ ਗੁਰਦਾਸਪੁਰ, ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਬਲਦੇਵ ਸਿੰਘ ਰੰਧਾਵਾ ਆਰ.ਟੀ.ਏ, ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ),  ਰਾਜਵਿੰਦਰ ਕੋਰ ਬਾਜਵਾ ਏ.ਈ.ਟੀ.ਸੀ, ਰਕੇਸ਼ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਬਲਬੀਰ ਸਿੰਘ ਡਿਪਟੀ ਡੀਈਓ (ਪ), ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸਾਧਨਾ ਜ਼ਿਲ੍ਹਾ ਪ੍ਰੋਗਰਾਮ, ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ, ਮੈਡਮ ਸਰਿਤਾ ਸ਼ਰਮਾ, ਹਰਮਨਜੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਬਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਵੀ ਮੌਜੂਦ ਸਨ।