ਸਰਹਿੰਦ ਸ਼ਹਿਰ ਨੂੰ ਸੂਬੇ ਦੇ ਮਾਡਲ ਸ਼ਹਿਰ ਵਜੋਂ ਕੀਤਾ ਜਾਵੇਗਾ ਵਿਕਸਤ - ਐਮਐਲਏ ਨਾਗਰਾ

Last Updated: Aug 13 2019 17:32
Reading time: 1 min, 34 secs

ਸਰਹਿੰਦ ਸ਼ਹਿਰ ਨੂੰ ਸੂਬੇ ਦੇ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇੱਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਾਰਡ ਨੰ.11 ਪ੍ਰੋਫੈਸਰ ਕਾਲੋਨੀ ਵਿਖੇ ਇੰਟਰਲਾਕਿੰਗ ਟਾਈਲਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਅਤੇ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਰਹਿੰਦ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਪਹਿਲਾਂ ਸੀਵਰੇਜ ਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਸੀਵਰੇਜ ਲਾਈਨ ਪਾਉਣ ਉਪਰੰਤ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਸ਼ਹਿਰ ਵਾਸੀਆਂ ਨੂੰ ਆਵਾਜਾਈ 'ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਇਸੇ ਕੜੀ ਤਹਿਤ ਹਲਕੇ ਦਾ ਵਿਕਾਸ ਜੰਗੀ ਪੱਧਰ ਤੇ ਜਾਰੀ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਰੋਧੀ ਬਿਨ੍ਹਾਂ ਕਿਸੇ ਕਾਰਨ ਲੋਕਾਂ ਨੂੰ ਗੁਮਰਾਹ ਕਰਨ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਹਕੀਕਤ ਇਸ ਤੋਂ ਕਾਫੀ ਦੂਰ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਫ਼ਤਿਹਗੜ੍ਹ ਸਾਹਿਬ ਹਲਕੇ ਦੇ ਵੱਡੀ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ ਜਿਸ ਤਹਿਤ ਫ਼ਤਿਹਗੜ੍ਹ ਸਾਹਿਬ ਹਲਕੇ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਨਾਲ ਜਲਦੀ ਹੀ ਇਹ ਹਲਕਾ ਵਿਕਾਸ ਪੱਖੋਂ ਮੋਹਰੀ ਹਲਕਾ ਬਣ ਜਾਵੇਗਾ।

ਇਸ ਮੌਕੇ ਨਗਰ ਕੌਂਸਲ ਸਰਹਿੰਦ-ਫ਼ਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ, ਐਸ.ਡੀ.ਓ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਅਸ਼ੋਕ ਸੂਦ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਪਵਨ ਕਾਲੜਾ, ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ, ਅਮਰਦੀਪ ਸਿੰਘ ਬੈਨੀਪਾਲ, ਜਗਜੀਤ ਸਿੰਘ ਕੋਕੀ, ਸਾਬਕਾ ਕੌਂਸਲਰ ਆਨੰਦ ਮੋਹਨ, ਬਾਂਕੇ ਬਿਹਾਰੀ, ਰੋਹਿਤ ਸ਼ਰਮਾ, ਦਿਨੇਸ਼, ਰੀਤਾ ਮਹਿਤਾ ਆਦਿ ਤੋਂ ਇਲਾਵਾ ਹੋਰ ਇਲਾਕਾ ਵਾਸੀ ਵੀ ਮੌਜੂਦ ਸਨ।