ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਖੇਤੀ ਸਮਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ

Last Updated: Aug 13 2019 17:41
Reading time: 1 min, 53 secs

ਸਕੱਤਰ ਖੇਤੀਬਾੜੀ ਸ.ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਦੀਆਂ ਵਿਉਪਾਰਿਕ ਅਦਾਰਿਆਂ ਦੀ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਟੀਮ ਵਿੱਚ ਡਾ .ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ(ਸਮ),ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫ਼ਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ ਹਾਜ਼ਰ ਸਨ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਦੀ ਤੰਦਰੁਸਤੀ ਲਈ ਮਿਸ਼ਨ ਤੰਦਰੁਸਤ ਪੰਜਾਬ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਖੇਤੀ ਸਮਗਰੀ ਵਿਕ੍ਰੇਤਾਵਾਂ ਨੂੰ ਸ਼ੁੱਧ ਖੇਤੀ ਸਮਗਰੀ ਵੇਚਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਉੱਪਰ ਹਮੇਸ਼ਾ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ। ਉਨ੍ਹਾਂ ਖਾਦ, ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿੱਕਰੀ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਅਤੇ ਜਿੰਨਾ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ, ਉਨ੍ਹਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗ਼ਜ਼ਾਤ ਦਰੁਸਤ ਕਰਨ ਦੀ ਹਦਾਇਤ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985, ਇਨਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਨੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਮਿਲਾਵਟੀ ਖੇਤੀ ਲਾਗਤਾਂ ਦੀ ਸਪਲਾਈ ਬਾਰੇ ਕਿਸੇ ਤਰਾਂ ਦੀ ਘਟਨਾ ਵਿਭਾਗ ਦੇ ਧਿਆਨ ਵਿੱਚ ਲਿਆਉਣ ਲਈ ਆਖਿਆ ਹੈ। ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿੱਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹੈਲਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਲਾਕ ਪਠਾਨਕੋਟ ਵਿੱਚ ਕਿਸੇ ਵੀ ਥਾਂ 'ਤੇ ਗੈਰ-ਮਿਆਰੀ ਖੇਤੀ ਸਮਗਰੀ ਦੀ ਹੁੰਦੀ ਵਿੱਕਰੀ ਬਾਰੇ ਇਸ ਸਹਾਇਤਾ ਨੰਬਰ 'ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਸਮਗਰੀ ਦੀ ਗੈਰ-ਕਾਨੂੰਨੀ ਵਿੱਕਰੀ ਕਰਨ ਵਾਲੇ ਗੈਰ-ਲਾਇਸੰਸਸ਼ੁਦਾ ਅਤੇ ਅਣਅਧਿਕਾਰਤ ਡੀਲਰ ਬਾਰੇ ਉਪਰੋਕਤ ਮੋਬਾਈਲ ਨੰਬਰ ਤੇ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ ।